For the best experience, open
https://m.punjabitribuneonline.com
on your mobile browser.
Advertisement

ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਸੌਂਪੇ

09:09 AM Apr 12, 2024 IST
ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਸੌਂਪੇ
ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚੋਂ ਵੀਜ਼ੇ ਪ੍ਰਾਪਤ ਕਰਦੇ ਹੋਏ ਸ਼ਰਧਾਲੂ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਅਪਰੈਲ
ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਨੇ ਵੀਜ਼ਾ ਲੱਗੇ ਪਾਸਪੋਰਟ ਵੰਡੇ। ਸ਼ਰਧਾਲੂਆਂ ਦਾ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8.30 ਵਜੇ ਰਵਾਨਾ ਹੋਵੇਗਾ। ਜ਼ਿਕਰਯੋਗ ਕਿ ਪਾਕਿਸਤਾਨੀ ਦੂਤਾਵਾਸ ਵੱਲੋਂ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀ ਦਿੱਤੇ ਗਏ।
ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ, ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਦਫਤਰ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕੀਤੇ। ਇਸ ਮੌਕੇ ਪਹਿਲੀ ਵਾਰ ਜਾ ਰਹੇ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਛੜੇ ਗੁਰੂਧਾਮਾਂ ਨੂੰ ਦੇਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਨਹੀ ਮਿਲੇ , ਉਨ੍ਹਾਂ ਨੂੰ ਅਗਲੀ ਵਾਰ ਵੀਜ਼ੇ ਜ਼ਰੂਰ ਦਿੱਤੇ ਜਾਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਕੁਲਵੰਤ ਸਿੰਘ ਮੰਨਣ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਅਤੇ ਮੈਂਬਰ ਰਵਿੰਦਰ ਸਿੰਘ ਖਾਲਸਾ ਜਾਣਗੇ। ਅੱਜ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 13 ਅਪਰੈਲ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 596 ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵੀਜ਼ੇ ਕੱਟਣ ਨਾਲ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ।

Advertisement

ਇਤਿਹਾਸਕ ਗੁਰਦੁਆਰਿਆਂ ਤੋਂ ਮਿਲਣਗੇ ਖਾਲਸਈ ਝੰਡੇ

ਅੰਮ੍ਰਿਤਸਰ (ਟਿ੍ਰਬਿਊਨ ਨਿਊਜ਼ ਸਰਵਿਸ): ਖਾਲਸਾ ਸਾਜਨਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਤੋਂ ਸੰਗਤ ਨੂੰ ਖਾਲਸਈ ਝੰਡੇ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਕੌਮ ਨੂੰ ਖਾਲਸਈ ਨਿਸ਼ਾਨ ਝੁਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਿਆਂ ਵਿੱਚ ਖਾਲਸਈ ਝੰਡਿਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਰ ਗੁਰਦੁਆਰਿਆਂ ਤੋਂ ਸੰਗਤ ਨੂੰ ਲੋੜ ਅਨੁਸਾਰ ਖਾਲਸਈ ਝੰਡੇ ਮਿਲ ਸਕਣਗੇ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਸਿੱਖ ਕੌਮ ਨੂੰ ਖ਼ਾਲਸਈ ਨਿਸ਼ਾਨ ਝੁਲਾਉਣ ਦਾ ਆਦੇਸ਼ ਕੌਮੀ ਸੰਗਠਨ ਅਤੇ ਇਕਜੁਟਤਾ ਦੀ ਭਾਵਨਾ ਪੈਦਾ ਕਰਨ ਵਾਲਾ ਹੈ।

Advertisement
Author Image

sukhwinder singh

View all posts

Advertisement
Advertisement
×