ਹੈਂਡਬਾਲ ਮੁਕਾਬਲੇ: ਸੇਂਟ ਕਬੀਰ ਸਕੂਲ ਦੇ ਖਿਡਾਰੀਆਂ ਨੇ ਤਗ਼ਮੇ ਜਿੱਤੇ
ਪੱਤਰ ਪ੍ਰੇਰਕ
ਧਾਰੀਵਾਲ, 2 ਸਤੰਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ 41 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਵਿੱਚ ਤਗ਼ਮੇ ਜਿੱਤ ਕੇ ਸਕੂਲ ਦਾ ਨਾਮ ਚਮਕਾਇਆ ਹੈ। ਸਕੂਲ ਪ੍ਰਿੰਸੀਪਲ ਐਸ.ਬੀ. ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਦੱਸਿਆ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਦੌਰਾਨ ਸੇਂਟ ਕਬੀਰ ਸਕੂਲ ਦੀਆਂ ਤਿੰਨ ਟੀਮਾਂ ਅੰਡਰ-14, ਅੰਡਰ-17 ਤੇ ਅੰਡਰ-19 ਵਿੱਚ 41 ਵਿਦਿਆਰਥੀਆਂ (ਲੜਕੇ-ਲੜਕੀਆਂ) ਨੇ ਸੋਨ ਤਗ਼ਮੇ ਜਿੱਤੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ 17 ਤੇ 19 ਦੀਆਂ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮੇ ਅਤੇ ਅੰਡਰ 14 ਦੀਆਂ ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਦੇ ਤਗਮੇ ਜਿੱਤੇ ਹਨ। ਲੜਕਿਆਂ ਦੀਆਂ ਤਿੰਨਾਂ ਟੀਮਾਂ ਅੰਡਰ 14, ਅੰਡਰ 17 ਤੇ ਅੰਡਰ 19 ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ। ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਐਸ.ਬੀ. ਨਾਯਰ ਅਤੇ ਮੈਨੇਜਮੈਂਟ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡੀਪੀ ਬੇਅੰਤ ਸਿੰਘ, ਸ਼ਮਸ਼ੇਰ ਸਿੰਘ, ਰੇਖਾ ਰਾਣੀ ਤੇ ਜਤਿੰਦਰ ਕੌਰ ਹਾਜ਼ਰ ਸਨ।