ਅੰਗਹੀਣਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੋਰਚਾ ਜਾਰੀ
ਪੱਤਰ ਪ੍ਰੇਰਕ
ਮਾਨਸਾ, 1 ਦਸੰਬਰ
ਫਿਜ਼ੀਕਲ ਹੈਂਡੀਕੈਂਪਡ ਐਸੋਸੀਏਸ਼ਨ ਮਾਨਸਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਦੂਜੇ ਦਿਨ ਵੀ ਮੋਰਚਾ ਜਾਰੀ ਰਿਹਾ। ਐਸੋਸੀਏਸ਼ਨ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਗਾਤਾਰ ਲਮਕਾਇਆ ਜਾਂਦਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਆਪਣੇ ਹਿੱਤਾਂ ਦੀ ਪੂਰਤੀ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਅੰਗਹੀਣਾਂ ਨੂੰ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਤੋਂ ਉਨ੍ਹਾਂ ਦੇ ਪੱਲੇ ਸਿਰਫ ਨਿਰਾਸ਼ਾ ਹੀ ਪਈ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੜ੍ਹੇ-ਲਿਖੇ ਅੰਗਹੀਣਾਂ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ, ਅੰਗਹੀਣਾਂ ਦੇ ਜੀਵਨ ਦੀ ਆਜ਼ਾਦੀ ਅਤੇ ਆਰਥਿਕ ਬਰਾਬਰਤਾ ਲਈ ਰੁਜ਼ਗਾਰ ਗਾਰੰਟੀ ਕਾਨੂੰਨ ਬਣਾਉਣ, ਆਰ.ਪੀ.ਡਬਲਿਊ.ਡੀ. ਐਕਟ 2016 ਨੂੰ ਲਾਗੂ ਕਰਨ, ਪੈਨਸ਼ਨ ਰਾਸ਼ੀ ਵਧਾ ਕੇ 5000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।