ਹਰਗੋਬਿੰਦ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਬਦਲੀਆਂ ’ਚ ‘ਧਾਂਦਲੀਆਂ’ ਦੇ ਦੋਸ਼
ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 11 ਦਸੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਬਦਲੀਆਂ ਨੂੰ ਲੈ ਕੇ ਕਥਿਤ ਧਾਂਦਲੀਆਂ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਮਿਸਾਲ ਮਲੋਟ ਨੇੜਲੇ ਪਿੰਡ ਖਾਨੇ ਕੀ ਢਾਬ ਦੀ ਹੈ, ਜਿਥੋਂ ਦੀ ਇੱਕ ਆਂਗਣਵਾੜੀ ਵਰਕਰ ਦੀ ਬਦਲੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਵਾਈ ਵਿੱਚ ਕੀਤੀ ਗਈ ਹੈ ਜੋ ਵਿਭਾਗ ਦੇ ਨਿਯਮਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਪਿੰਡ ਮਹਿਮਾ ਸਵਾਈ ਦੀ ਪੰਚਾਇਤ ਵੱਲੋਂ ਚੁੱਕਿਆ ਗਿਆ ਹੈ ਅਤੇ ਮਹਿਕਮੇ ਦੀ ਸਕੱਤਰ ਅਤੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਗ਼ਲਤ ਕੀਤੀ ਗਈ ਇਸ ਬਦਲੀ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਬਦਲੀਆਂ ਵਿਭਾਗ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀਆਂ ਗਈਆਂ ਹਨ ਅਤੇ ਜਥੇਬੰਦੀ ਵੱਲੋਂ ਅਜਿਹੀਆਂ ਸ਼ਿਕਾਇਤਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕੀਤੀਆਂ ਜਾ ਚੁੱਕੀਆਂ ਹਨ ਪਰ ਵਿਭਾਗ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ, ਜੋ ਬਦਲੀ ਦੇ ਯੋਗ ਹਨ, ਉਨ੍ਹਾਂ ਦੀਆਂ ਬਦਲੀਆਂ ਨਹੀਂ ਕੀਤੀਆਂ ਜਾ ਰਹੀਆਂ।