ਹਰੀ ਨੌ ਕਤਲ ਕਾਂਡ: ਹਫ਼ਤੇ ਮਗਰੋਂ ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ
ਜਸਵੰਤ ਜੱਸ
ਫਰੀਦਕੋਟ, 16 ਅਕਤੂਬਰ
ਇੱਥੋਂ ਦੇ ਪਿੰਡ ਹਰੀ ਨੌ ਵਿੱਚ ਹਫ਼ਤਾ ਪਹਿਲਾਂ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਹਰੀ ਨੌ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਪੰਥਕ ਜਥੇਬੰਦੀਆਂ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਅੰਤਿਮ ਸੰਸਕਾਰ ਲਈ ਹਾਮੀ ਭਰਨ ਮਗਰੋਂ ਲਾਸ਼ ਦਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ। ਉਸ ਤੋਂ ਬਾਅਦ ਹਰੀ ਨੌਂ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਹਫ਼ਤੇ ਤੋਂ ਜਥੇਬੰਦੀਆਂ ਅਤੇ ਪਰਿਵਾਰਕ ਮੈਂਬਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅੰਤਿਮ ਸੰਸਕਾਰ ਲਈ ਅੜੇ ਹੋਏ ਸਨ। ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪੁਲੀਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਉਸ ਬਾਰੇ ਉਨ੍ਹਾਂ ਨੇ ਜਥੇਬੰਦੀਆਂ ਤੇ ਪਰਿਵਾਰਿਕ ਮੈਂਬਰਾਂ ਨੂੰ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੇ ਭਰੋਸੇ ਮਗਰੋਂ ਉਨ੍ਹਾਂ ਅੰਤਿਮ ਸੰਸਕਾਰ ਦਾ ਫੈਸਲਾ ਲਿਆ।
ਵਾਰਦਾਤ ਲਈ ਵਰਤਿਆ ਮੋਟਰਸਾਈਕਲ ਬਰਾਮਦ
ਜ਼ਿਲ੍ਹਾ ਪੁਲੀਸ ਮੁਖੀ ਪ੍ਰਗਿਆ ਜੈਨ ਨੇ ਕਿਹਾ ਕਿ ਪੁਲੀਸ ਨੇ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੋਇਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ। ਇਸੇ ਦਰਮਿਆਨ ਪਤਾ ਲੱਗਿਆ ਹੈ ਕਿ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਪੁਲੀਸ ਨੂੰ ਬਰਾਮਦ ਹੋ ਗਿਆ ਹੈ। ਪੁਲੀਸ ਨੇ ਪੁੱਛ ਪੜਤਾਲ ਲਈ ਪੰਜਾਬ ਭਰ ਤੋਂ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਤਲ ਕਾਂਡ ਵਿੱਚ ਵਿਦੇਸ਼ ਬੈਠੇ ਵਿਅਕਤੀਆਂ ਦੇ ਵੀ ਹੱਥ ਹਨ ਜਿਸ ਦੀ ਪੁਲੀਸ ਪੜਤਾਲ ਕਰ ਰਹੀ ਹੈ।