ਹਰੀਨੌਂ ਕਤਲ ਕਾਂਡ: ਦੋ ਮੁਲਜ਼ਮਾਂ ਦੇ ਸਕੈੱਚ ਜਾਰੀ
ਜਸਵੰਤ ਜੱਸ
ਫਰੀਦਕੋਟ, 20 ਅਕਤੂਬਰ
ਇਥੋਂ ਦੇ ਪਿੰਡ ਹਰੀਨੌਂ ਵਿੱਚ 10 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਭਾਈ ਗੁਰਪ੍ਰੀਤ ਸਿੰਘ ਦੇ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਦੋ ਸ਼ੱਕੀ ਸ਼ੂਟਰਾਂ ਦੇ ਸਕੈੱਚ ਜਾਰੀ ਕੀਤੇ ਹਨ। ਸੂਚਨਾ ਅਨੁਸਾਰ ਪੁਲੀਸ ਨੇ ਦੋ ਸ਼ੂਟਰਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੇ ਸਕੈੱਚ ਜਾਰੀ ਕਰ ਦਿੱਤੇ ਹਨ ਅਤੇ ਹੁਣ ਇਨ੍ਹਾਂ ਦੇ ਨਾਮ, ਪਤੇ ਅਤੇ ਟਿਕਾਣੇ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਕਿਹਾ ਕਿ ਇਹ ਸਕੈੱਚ ਜਨਤਕ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਪੁਲੀਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਟੀਮ ਕਰ ਰਹੀ ਹੈ ਅਤੇ ਹੁਣ ਤੱਕ ਇਸ ਮਾਮਲੇ ਵਿੱਚ ਤਿੰਨ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ ਅਤੇ ਸ਼ੂਟਰਾਂ ਵੱਲੋਂ ਵਰਤਿਆ ਗਿਆ ਮੋਟਰਸਾਈਕਲ ਵੀ ਪੁਲੀਸ ਨੂੰ ਮਿਲ ਗਿਆ ਹੈ। ਪੁਲੀਸ ਨੇ ਇਸ ਕਤਲ ਕਾਂਡ ਵਿੱਚ ਗੈਂਗਸਟਰ ਅਰਸ਼ ਡੱਲਾ ਅਤੇ ਤਰਨ ਤਾਰਨ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਕਥਿਤ ਤੌਰ ’ਤੇ ਸਾਜਿਸ਼ ਰਚਣ ਦੇ ਇਲਜ਼ਾਮਾਂ ਵਿੱਚ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
ਅਰਸ਼ ਡੱਲਾ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ ਜਦੋਂ ਕਿ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ।