ਹਰਪ੍ਰੀਤਪਾਲ ਕੌਰ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਮਾਨਸਾ: ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਅੱਜ ਮਾਨਸਾ ਜ਼ਿਲ੍ਹੇ ’ਚ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀਆਂ ਬਦਲ ਖਾਦਾਂ ਦੀ ਵਰਤੋਂ ਕਰਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਾਦ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਾੜ੍ਹੀ ਸੀਜ਼ਨ ਦੌਰਾਨ ਕਰੀਬ 23176 ਮੀਟਰਿਕ ਟਨ ਡੀ.ਏ.ਪੀ ਦੀ ਜ਼ਰੂਰਤ ਹੁੰਦੀ ਹੈ, ਜਿਸ ਵਿੱਚੋਂ 21700 ਮੀਟਰਕ ਟਨ ਡੀ.ਏ.ਪੀ. ਅਤੇ ਹੋਰ ਖਾਦਾਂ ਆ ਚੁੱਕੀਆਂ ਹਨ ਅਤੇ ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੀ ਪੂਰਤੀ ਆਉਣ ਵਾਲੇ ਸਮੇਂ ਵਿੱਚ ਲੱਗਣ ਵਾਲੇ ਰੈਕਾਂ ਨਾਲ ਹੋ ਜਾਵੇਗੀ। ਨਵੇਂ ਖੇਤੀ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਖਾਦ ਡੀਲਰਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਸਮੂਹ ਡੀਲਰਾਂ ਨੂੰ, ਕਿਸਾਨਾਂ ਨੂੰ ਮਿਆਰੀ ਖਾਦ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। -ਪੱਤਰ ਪ੍ਰੇਰਕ