For the best experience, open
https://m.punjabitribuneonline.com
on your mobile browser.
Advertisement

ਹਰਸਿਮਰਤ ਕੌਰ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ

11:11 AM May 27, 2024 IST
ਹਰਸਿਮਰਤ ਕੌਰ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ
ਬਠਿੰਡਾ ਵਿੱਚ ਔਰਤਾਂ ਨੂੰ ਮਿਲਦੇ ਹੋਏ ਹਰਸਿਮਰਤ ਕੌਰ ਬਾਦਲ।
Advertisement

ਮਨੋਜ ਸ਼ਰਮਾ
ਬਠਿੰਡਾ, 26 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਫੇਰੀ ’ਤੇ ਆਏ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ‘ਆਪ’ ਦੀ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਬਠਿੰਡਾ ਵਿੱਚ ਕਰਵਾਇਆ ਇਕ ਕੰਮ ਜ਼ਰੂਰ ਗਿਣਵਾਉਣ। ਹਰਸਿਮਰਤ ਕੌਰ ਬਾਦਲ ਨੇ ਸ਼ਹਿਰ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਝੂਠੇ ਵਾਅਦਿਆਂ ਤੇ ਖੋਖਲੇ ਲਾਰਿਆਂ ਨਾਲ ਪੰਜਾਬੀਆਂ ਨੂੰ ਮੂਰਖ ਨਹੀਂ ਬਣਾ ਸਕਦੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਸ਼ਹਿਰ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਦਾ ਹਾਲ ਮਾੜਾ ਹੋਇਆ ਪਿਆ ਹੈ। ਸੜਕਾਂ ਦੀ ਨਵੇਂ ਸਿਰੇ ਤੋਂ ਮੁਰੰਮਤ ਨਹੀਂ ਕੀਤੀ ਜਾ ਰਹੀ, ਸੀਵਰੇਜ ਸਹੂਲਤ ਵਿਚ ਸੁਧਾਰ ਨਹੀਂ ਕੀਤਾ ਗਿਆ ਜਦੋਂ ਅਕਾਲੀ ਸਰਕਾਰ ਵੱਲੋਂ ਸ਼ਹਿਰ ਦੇ ਸੀਵਰੇਜ ਨੂੰ ਕਰੋੜਾਂ ਰੁਪਏ ਲਗਾ ਕੇ ਗੰਦੇ ਪਾਣੀ ਦਾ ਨਿਕਾਸ ਕੀਤਾ ਸੀ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਬਠਿੰਡਾ ਵਿਚ ਪਿਛਲੇ ਸੱਤ ਸਾਲਾਂ ਦੇ ਕਾਂਗਰਸ ਤੇ ‘ਆਪ’ ਸਰਕਾਰਾਂ ਦੇ ਰਾਜ ਵਿਚ ਇਕ ਵੀ ਪ੍ਰਾਜੈਕਟ ਨਹੀਂ ਲਿਆਂਦਾ ਗਿਆ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਇਥੇ ਏਮਸ, ਕੇਂਦਰੀ ਯੂਨੀਵਰਸਿਟੀ, ਕੈਂਸਰ ਹਸਪਤਾਲ ਤੇ ਹਵਾਈ ਅੱਡਾ ਲੈ ਕੇ ਆਈ ਤੇ ਉਨ੍ਹਾਂ ਪੁਲ ਬਣਾਏ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਉਦੋਂ ਤੋਂ ਇਕ ਵੀ ਇੱਟ ਨਹੀਂ ਲੱਗੀ। ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਵੀ ਸਵਾਲ ਕੀਤਾ ਕਿ ਕੇਂਦਰ ਸਰਕਾਰ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਬਣਾਉਣ ਦੇ ਕੀਤੇ ਆਪਣੇ ਵਾਅਦੇ ਤੋਂ ਕਿਉਂ ਭੱਜ ਗਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਇਕ ਕਮੇਟੀ ਬਣਾਈ ਜਾਵੇਗੀ ਤਾਂ ਜੋ ਕਿਸਾਨਾਂ ਲਈ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜਨਾਥ ਸਿੰਘ ਇਹ ਵੀ ਦੱਸਣ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨਾਲ ਵਿਤਕਰਾ ਕਿਉਂ ਕਰ ਰਹੀ ਹੈ। ਅਕਾਲੀ ਉਮੀਦਵਾਰ ਨੇ ਕਿਹਾ ਕਿ ਲੋਕ ਅਕਾਲੀ ਦਲ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹਨ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਵੀ ਸਨ।

Advertisement

Advertisement
Author Image

sukhwinder singh

View all posts

Advertisement
Advertisement
×