ਹਰਸਿਮਰਤ ਵੱਲੋਂ ਰਾਜਨਾਥ ਸਿੰਘ ਨੂੰ ਸਾਬਕਾ ਫੌਜੀਆਂ ਦੇ ਮਸਲੇ ਹੱਲ ਕਰਨ ਦੀ ਅਪੀਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 30 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਸਾਬਕਾ ਫੌਜੀਆਂ ਦੀ ਪੈਨਸ਼ਨ, ਫੈਮਿਲੀ ਪੈਨਸ਼ਨ ਤੇ ਅਪੰਗਤਾ ਪੈਨਸ਼ਨ ਸਮੇਤ ਸਾਰੇ ਮਸਲੇ ਹਮਦਰਦੀ ਨਾਲ ਵਿਚਾਰ ਕੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ।
ਰੱਖਿਆ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਨੇ ਕਿਹਾ ਕਿ ਸੈਨਿਕ ਵੈੱਲਫੇਅਰ ਏਕਤਾ ਸੁਸਾਇਟੀ ਤੇ ਐਕਸ ਸਰਵਿਸਮੈਨ ਵੈੱਲਫੇਅਰ ਆਰਗੇਨਾਈਜੇਸ਼ਨ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਕੇ 20 ਫਰਵਰੀ ਤੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸੰਘਰਸ਼ ਕਰ ਰਹੇ ਸਾਬਕਾ ਫੌਜੀਆਂ ਦੀਆਂ ਪ੍ਰੇਸ਼ਾਨੀਆਂ ਬਾਰੇ ਦੱਸਿਆ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸਾਬਕਾ ਫੌਜੀ ਸਾਡਾ ਮਾਣ ਹਨ, ਜਿਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦਾ ਕੋਈ ਮੁੱਲ ਨਹੀਂ ਤਾਰਿਆ ਜਾ ਸਕਦਾ। ਸ੍ਰੀਮਤੀ ਬਾਦਲ ਨੇ ਕਿਹਾ ਕਿ ਸਾਬਕਾ ਫੌਜੀਆਂ ਨੇ ਪੈਨਸ਼ਨ, ਫੈਮਿਲੀ ਪੈਨਸ਼ਨ ਤੇ ਅਪੰਗਤਾ ਪੈਨਸ਼ਨਾਂ ਵਿੱਚ ਤਰੁੱਟੀਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹਡ਼ੇ ਜੇਸੀਓ ਤੇ ਜਵਾਨ ਪਹਿਲਾਂ ਸੇਵਾਮੁਕਤ ਹੋਏ ਹਨ ਉਨ੍ਹਾਂ ਨੂੰ ਇਕ ਰੈਂਕ ਇੱਕ ਪੈਨਸ਼ਨ ਦਾ ਲਾਭ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਉਨ੍ਹਾਂ ਦੀਆਂ ਪੈਨਸ਼ਨਾਂ ਗ਼ਲਤ ਅੌਸਤ ਦੇ ਆਧਾਰ ’ਤੇ ਤੈਅ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫੈਮਿਲੀ ਪੈਨਸ਼ਨ ਵੀ ਮੌਜੂਦਾ 60 ਫੀਸਦੀ ਦੀ ਹੱਦ ਤੋਂ ਵਧਾਏ ਜਾਣ ਦੀ ਜ਼ਰੂਰਤ ਹੈ। ਬੀਬੀ ਬਾਦਲ ਨੇ ਫੈਡਰੇਸ਼ਨ ਆਫ ਵੈਟਰਨਜ਼ ਐਸੋਸੀਏਸ਼ਨ ਦੇ ਬੈਨਰ ਹੇਠ ਰੋਸ ਮੁਜ਼ਾਹਰਾ ਕਰ ਰਹੇ ਇਨ੍ਹਾਂ ਸਾਬਕਾ ਫੌਜੀਆਂ ਦੀਆਂ ਮੰਗਾਂ ਜਲਦੀ ਹੱਲ ਕੀਤੇ ਜਾਣ ਦੀ ਮੰਗ ਕੀਤੀ।