ਹਰਿਆਣਾ ਨੂੰ ਵੀ ਚੜ੍ਹਿਆ ਕਿਸਾਨੀ ਅੰਦੋਲਨ ਦਾ ਰੰਗ
ਆਤਿਸ਼ ਗੁਪਤਾ
ਚੰਡੀਗੜ੍ਹ, 23 ਫਰਵਰੀ
ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਲਈ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦਾ ਰੰਗ ਹਰਿਆਣਾ ਨੂੰ ਵੀ ਚੜ੍ਹ ਗਿਆ। ਅੱਜ ਹਿਸਾਰ ਦੇ ਪਿੰਡ ਖੇੜੀ ਚੌਪਟਾਂ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਖਨੌਰੀ ਦੀ ਹੱਦ ’ਤੇ ਚੱਲ ਰਹੇ ਕਿਸਾਨੀ ਘੋਲ ਵਿੱਚ ਪਹੁੰਚਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਪੁਲੀਸ ਦੇ ਬੈਰੀਕੇਡ ਉਖਾੜ ਸੁੱਟੇ ਜਿਸ ਤੋਂ ਬਾਅਦ ਹਰਿਆਣਾ ਪੁਲੀਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਅਤੇ ਲਾਠੀਚਾਰਜ ਕੀਤਾ। ਇੰਨਾ ਹੀ ਨਹੀਂ ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਟਰੈਕਟਰਾਂ ਦੀ ਹਵਾ ਤੱਕ ਕੱਢ ਦਿੱਤੀ। ਦੂਜੇ ਪਾਸੇ ਪੁਲੀਸ ਦੀ ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਨੇ ਵੀ ਪੁਲੀਸ ਅਤੇ ਪੁਲੀਸ ਚੌਕੀ ’ਤੇ ਪਥਰਾਅ ਕੀਤਾ। ਇਸ ਦੌਰਾਨ ਪੁਲੀਸ ਦੀਆਂ ਗੱਡੀਆਂ ਦਾ ਵੀ ਕਾਫੀ ਨੁਕਸਾਨ ਹੋਇਆ ਅਤੇ ਦੋ ਦਰਜਨ ਦੇ ਕਰੀਬ ਪੁਲੀਸ ਮੁਲਾਜ਼ਮਾਂ ਦੇ ਸੱਟਾਂ ਵੱਜੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਹਿਸਾਰ ਵਿੱਚ ਕਿਸਾਨਾਂ ਵੱਲੋਂ 18 ਫਰਵਰੀ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਉੱਥੇ ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ 23 ਫਰਵਰੀ ਨੂੰ ਦੁਪਹਿਰ 2 ਵਜੇ ਤੱਕ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਖਨੌਰੀ ਦੀ ਹੱਦ ਤੱਕ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਇਸੇ ਸੱਦੇ ਤਹਿਤ ਅੱਜ ਕਿਸਾਨ ਦੁਪਹਿਰੇ ਖਨੌਰੀ ਧਰਨੇ ਵਿੱਚ ਸ਼ਾਮਲ ਹੋਣ ਲਈ ਅੱਗੇ ਵਧੇ ਤਾਂ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਕੇ ਅੱਥਰੂ ਗੈਸ ਦੇ ਗੋਲੇ ਸੁੱਟੇ। ਪੁਲੀਸ ਨੇ ਡੇਢ ਦਰਜਨ ਦੇ ਕਰੀਬ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਬਾਰੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਸੁਰੇਸ਼ ਕੌਥ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ, ਜਦੋਂ ਤੱਕ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉੱਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ।