For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਨੇ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ ਢਾਈ ਸੌ ਕੰਪਨੀਆਂ ਮੰਗੀਆਂ

07:59 AM Aug 21, 2024 IST
ਹਰਿਆਣਾ ਨੇ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ ਢਾਈ ਸੌ ਕੰਪਨੀਆਂ ਮੰਗੀਆਂ
ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 20 ਅਗਸਤ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਹਿਲੀ ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਤਿਆਰੀਆਂ ਖਿੱਚ ਲਈਆਂ ਹਨ। ਉਨ੍ਹਾਂ ਸੂਬੇ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੇਂਦਰ ਸਰਕਾਰ ਤੋਂ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 250 ਦੇ ਕਰੀਬ ਕੰਪਨੀਆਂ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਅੱਜ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ 250 ਦੇ ਕਰੀਬ ਕੰਪਨੀਆਂ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚੋਂ 70 ਕੰਪਨੀਆਂ ਪਹਿਲਾਂ ਭੇਜੀਆਂ ਜਾ ਚੁੱਕੀਆਂ ਹਨ। ਸ੍ਰੀ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿੱਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਵਿੱਚ ਪਹਿਲਾਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਚੱਲ ਰਹੀ ਪ੍ਰਕਿਰਿਆ ਨੂੰ ਵਿਚਾਲੇ ਰੋਕਣ ਦੀ ਜ਼ਰੂਰਤ ਨਹੀਂ ਹੈ। ਐੱਚਐੱਸਐੱਸਸੀ ਤੇ ਐੱਚਪੀਐੱਸਸੀ ਵੱਲੋਂ ਪਹਿਲਾਂ ਕੱਢੀ ਗਈ ਭਰਤੀ ਪ੍ਰਕਿਰਿਆ ਨੂੰ ਚਾਲੂ ਰੱਖਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਸਬੰਧੀ ਕਾਂਗਰਸ ਪਾਰਟੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ਬਾਰੇ ਕਾਂਗਰਸ ਪਾਰਟੀ ਨੂੰ ਲਿਖਤੀ ਜਵਾਬ ਭੇਜ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਹ ਵੀ ਚੋਣ ਕਮਿਸ਼ਨ ਦੀ ਪ੍ਰਵਾਨਗੀ ਦੇ ਨਾਲ ਕੀਤੇ ਗਏ ਹਨ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਕੁੱਲ 2.03 ਕਰੋੜ ਤੋਂ ਵੱਧ ਲੋਕ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ 1,07,14,565 ਪੁਰਸ਼ ਅਤੇ 95,03,407 ਮਹਿਲਾ ਵੋਟਰ ਹਨ ਜਦ ਕਿ 455 ਟਰਾਂਸਜੈਂਡਰ ਵੋਟਰ ਹਨ। ਉਨ੍ਹਾਂ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਵੋਟਰ 2,42,818 ਹਨ ਅਤੇ 100 ਸਾਲ ਤੋਂ ਵੱਧ ਉਮਰ ਦੇ 9,554 ਹਨ। ਇਸ ਤੋਂ ਇਲਾਵਾ ਸੂਬੇ ਵਿੱਚ 18 ਤੋਂ 19 ਸਾਲ ਉਮਰ ਵਰਗ ਦੇ 4,82,896 ਵੋਟਰ ਹਨ।

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 5 ਸਤੰਬਰ ਤੋਂ

ਸ੍ਰੀ ਅਗਰਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 5 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ 12 ਸਤੰਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਸਤੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 16 ਸਤੰਬਰ ਹੋਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ 20,629 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ ਹਨ।

Advertisement

Advertisement
Author Image

joginder kumar

View all posts

Advertisement
×