ਹਰਿਆਣਾ ਵਿਧਾਨ ਸਭਾ ਚੋਣਾਂ: ਹੁੱਡਾ ਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਆਪੋ-ਆਪਣੀ ਸੀਟ ਤੋਂ ਦਾਖ਼ਲ ਕੀਤੀ ਨਾਮਜ਼ਦਗੀ
ਚੰਡੀਗੜ੍ਹ, 11 ਸਤੰਬਰ
ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਉਨ੍ਹਾਂ ਉਮੀਦਵਾਰਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਆਪੋ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਦਾਖ਼ਲ ਕਰਨ ਮੌਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਨਾਲ ਉਨ੍ਹਾਂ ਦੀ ਪਤਨੀ ਆਸ਼ਾ ਹੁੱਡਾ, ਪੁੱਤਰ ਦੀਪੇਂਦਰ ਹੁੱਡਾ ਅਤੇ ਨੂੰਹ ਸ਼ਵੇਤਾ ਹੁੱਡਾ ਵੀ ਮੌਜੂਦ ਸੀ। ਹੁੱਡਾ ਨੇ ਰੋਹਤਕ ਜ਼ਿਲ੍ਹੇ ਦੀ ਗੜ੍ਹੀ ਸਾਂਪਲਾ ਕਿਲੋਈ ਵਿਧਾਨ ਸਭਾ ਸੀਟ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਉਨ੍ਹਾਂ ‘ਹਵਨ’ ਕੀਤਾ। ਇਸੇ ਦੌਰਾਨ ਪਹਿਲਵਾਨ ਤੋਂ ਸਿਆਸਤਦਾਨ ਬਣੀ ਅਤੇ ਜੀਂਦ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜੁਲਾਨਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਵਿਨੇਸ਼ ਫੋਗਾਟ ਨੇ ਵੀ ਅੱਜ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ। ਇਸ ਮੌਕੇ ਉਸ ਦੇ ਨਾਲ ਕਾਂਗਰਸੀ ਆਗੂ ਅਤੇ ਰੋਹਤਕ ਤੋਂ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਅਤੇ ਸੋਨੀਪਤ ਤੋਂ ਸੰਸਦ ਮੈਂਬਰ ਸਤਪਾਲ ਬ੍ਰਹਮਚਾਰੀ ਵੀ ਹਾਜ਼ਰ ਸਨ। ਇਸ ਦੌਰਾਨ ਦੀਪੇਂਦਰ ਹੁੱਡਾ ਨੇ ਕਿਹਾ ਕਿ ਫੋਗਾਟ ਵੱਲੋਂ ਪਾਰਟੀ ਲਈ ਵੱਡੀ ਜਿੱਤ ਦਰਜ ਕਰੇਗੀ।
ਇਸੇ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਪੰਚਕੂਲਾ ਵਿਧਾਨ ਸਭਾ ਸੀਟ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਉਨ੍ਹਾਂ ਦੇ ਨਾਲ ਭਾਜਪਾ ਆਗੂ ਅਤੇ ਹਰਿਆਣਾ ਮਾਮਲਿਆਂ ਦੇ ਸਹਿ ਇੰਚਾਰਜ ਬਿਪਲਬ ਕੁਮਾਰ ਦੇਬ ਵੀ ਮੌਜੂਦ ਸਨ। ਇਸੇ ਦੌਰਾਨ ਭਾਜਪਾ ਉਮੀਦਵਾਰ ਸ਼ਕਤੀ ਰਾਣੀ ਸ਼ਰਮਾ ਨੇ ਕਾਲਕਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ। ਉਪਰੰਤ ਉਨ੍ਹਾਂ ਆਪਣੇ ਚੋਣ ਹਲਕੇ ਵਿੱਚ ਰੋਡ ਸ਼ੋਅ ਵੀ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਅਤੇ ਸਾਬਕਾ ਕੇਂਦਰੀ ਮੰਤਰੀ ਵਿਨੋਦ ਸ਼ਰਮਾ ਅਤੇ ਉਨ੍ਹਾਂ ਦੇ ਪੁੱਤਰ ਤੇ ਰਾਜ ਸਭਾ ਮੈਂਬਰ ਕਾਰਤੀਕੇ ਸ਼ਰਮਾ ਵੀ ਮੌਜੂਦ ਸਨ। -ਪੀਟੀਆਈ