For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਬਜਟ ਸੈਸ਼ਨ: ਇੰਸਪੈਕਟਰਾਂ ਦੀ ਭਰਤੀ ਮੁੱਦੇ ’ਤੇ ਹੰਗਾਮਾ

06:59 AM Mar 19, 2025 IST
ਹਰਿਆਣਾ ਬਜਟ ਸੈਸ਼ਨ  ਇੰਸਪੈਕਟਰਾਂ ਦੀ ਭਰਤੀ ਮੁੱਦੇ ’ਤੇ ਹੰਗਾਮਾ
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਕਿਸੇ ਮੁੱਦੇ ’ਤੇ ਗੱਲਬਾਤ ਕਰਦੇ ਹੋਏ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 18 ਮਾਰਚ
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਸੱਤਵੇਂ ਦਿਨ 17 ਸਾਲ ਪਹਿਲਾਂ ਭਰਤੀ ਕੀਤੇ ਇੰਸਪੈਕਟਰਾਂ ਦੇ ਮੁੱਦੇ ’ਤੇ ਵਿਰੋਧੀ ਧਿਰ ਨੇ ਕਾਫ਼ੀ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕੀਤਾ ਗਿਆ।
ਵਿਧਾਨ ਸਭਾ ਵਿੱਚ ਸਿਫ਼ਰ ਕਾਲ ਸ਼ੁਰੂ ਹੁੰਦੇ ਹੀ ਭਾਜਪਾ ਵਿਧਾਇਕ ਸੁਨੀਲ ਸਾਂਗਵਾਨ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਫ਼ੈਸਲਾ ਦਿੱਤਾ ਗਿਆ ਹੈ, ਜਿਸ ਵਿੱਚ ਸਾਲ 2008 ਵਿੱਚ ਭਰਤੀ ਹੋਏ 20 ਇੰਸਪੈਕਟਰਾਂ ਵਿੱਚ ਸਿਖਰਲੇ ਰੈਂਕ ਵਾਲੇ ਉਮੀਦਵਾਰਾਂ ਨੂੰ ਨੌਕਰੀ ਨਹੀਂ ਮਿਲ ਸਕੀ, ਜਦੋਂ ਕਿ ਫੇਲ੍ਹ ਹੋਣ ਵਾਲੇ ਪਾਸ ਕਰ ਦਿੱਤੇ ਗਏ। ਇਸ ਵਿੱਚ ਹਰਿਆਣਾ ਦੇ ਸੀਨੀਅਰ ਸਿਆਸਤਦਾਨਾਂ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ। ਕਾਂਗਰਸੀ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ। ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ, ‘‘ਭਰਤੀ ਵਿੱਚ ਫਲੂਡ ਦੀ ਵਰਤੋਂ ਕੀਤੀ ਗਈ ਸੀ, ਜਿਸ ਨਾਲ ਫੇਲ੍ਹ ਹੋਏ ਬੱਚਿਆਂ ਨੂੰ ਟਾਪ ਕਰ ਦਿੱਤਾ।’’ ਇਸ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਕਾਫ਼ੀ ਹੰਗਾਮਾ ਕੀਤਾ ਅਤੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ।
ਵਿਰੋਧੀ ਧਿਰ ਨੇ ਮੁੱਖ ਮੰਤਰੀ, ਜਿਨ੍ਹਾਂ ਕੋਲ ਵਿੱਤ ਮੰਤਰੀ ਦਾ ਚਾਰਜ ਵੀ ਹੈ, ਨਾਇਬ ਸਿੰਘ ਸੈਣੀ ਵੱਲੋਂ ਬੀਤੇ ਦਿਨ ਪੇਸ਼ ਕੀਤੇ ਬਜਟ ’ਤੇ ਵੀ ਸਵਾਲ ਚੁੱਕੇ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਅੰਕੜਿਆਂ ਵਿੱਚ ਹੇਰ-ਫੇਰ ਕਰਕੇ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ਼ 6 ਫ਼ੀਸਦ ਵਾਧੇ ਦਾ ਹੈ। ਕਾਂਗਰਸੀ ਵਿਧਾਇਕ ਭਾਰਤ ਭੂਸ਼ਣ ਬੱਤਰਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਆਮਦਨ ਵਧਾਉਣ ਵੱਲ ਕੋਈ ਧਿਆਨ ਨਹੀਂ ਹੈ, ਬਲਕਿ ਕਰਜ਼ਾ ਚੁੱਕ-ਚੁੱਕ ਕੇ ਕੰਮ ਚਲਾਇਆ ਜਾ ਰਿਹਾ ਹੈ।

Advertisement

ਵਿਧਾਨ ਸਭਾ ਵਿੱਚ ਗੂੰਜਿਆ ਕਿਸਾਨਾਂ ਦਾ ਮੁੱਦਾ

ਕਾਂਗਰਸੀ ਵਿਧਾਇਕ ਪਰਮਵੀਰ ਸਿੰਘ ਨੇ ਸਿਫ਼ਰ ਕਾਲ ਦੌਰਾਨ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੂੰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਦਰਜ ਕੇਸ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਰੋਕਿਆ ਹੋਇਆ ਹੈ। ਸਰਕਾਰ ਨੂੰ ਕਿਸਾਨਾਂ ਨੂੰ ਰੋਕਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ ਮੰਗ ਰਹੇ ਹਨ, ਪਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦੋਂਕਿ ਜ਼ਮੀਨੀ ਹਕੀਕਤ ਬਿਲਕੁੱਲ ਉਲਟ ਹੈ।

Advertisement
Advertisement

Advertisement
Author Image

joginder kumar

View all posts

Advertisement