ਹਰਿਆਣਾ ਦੇ ਮੁੱਖ ਮੰਤਰੀ ਨੇ ਡੇਰਾ ਮੁਖੀ ਨੂੰ ਦਿੱਤੀ 20 ਦਿਨਾਂ ਦੀ ਪੈਰੋਲ
ਗੀਤਾਂਜਲੀ ਗਾਇਤਰੀ
ਚੰਡੀਗੜ੍ਹ, 1 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਬਰ-ਜਨਾਹ ਅਤੇ ਕਤਲ ਦੇ ਦੋਸ਼ ਹੇਠ ਨਜ਼ਰਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ 20 ਦਿਨਾਂ ਦੀ ਪੈਰੋਲ ਅਰਜ਼ੀ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ ਤੇ ਇਸ ਨੂੰ ਅਗਲੇਰੀ ਕਾਰਵਾਈ ਲਈ ਡਿਵੀਜ਼ਨਲ ਕਮਿਸ਼ਨਰ ਰੋਹਤਕ ਨੂੰ ਭੇਜ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਦੀ ਅਰਜ਼ੀ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਸ ਨੂੰ ਜੇਲ੍ਹ ਪ੍ਰਸ਼ਾਸਨ ਨੂੰ ਭੇਜਿਆ ਗਿਆ ਸੀ, ਜਿਸ ਨੇ ਅੱਗੇ ਇਸ ਨੂੰ ਡਿਵੀਜ਼ਨਲ ਕਮਿਸ਼ਨਰ ਨੂੰ ਭੇਜ ਦਿੱਤਾ ਹੈ। ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਸਥਾਨਕ ਪ੍ਰਸ਼ਾਸਨ ਤੋਂ ਲਾਜ਼ਮੀ ਮਨਜ਼ੂਰੀ ਮਿਲਣ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਵੇਗਾ, ਜਿੱਥੇ ਉਹ ਪੈਰੋਲ ਦੀ ਮਿਆਦ ਦੌਰਾਨ ਰਹੇਗਾ। ਚੋਣ ਕਮਿਸ਼ਨ ਨੇ ਹਰਿਆਣਾ ਵਿਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੂੰ ਡੇਰਾ ਮੁਖੀ ਦੀ ਅਰਜ਼ੀ ’ਤੇ ਵਿਚਾਰ ਕਰਨ ਦੀ ਇਜਾਜ਼ਤ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਹ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ 11ਵੀਂ ਵਾਰ ਪੈਰੋਲ ’ਤੇ ਬਾਹਰ ਆਵੇਗਾ। ਉਸ ਨੂੰ ਅਦਾਲਤ ਨੇ 2017 ਵਿਚ ਦੋਸ਼ੀ ਠਹਿਰਾਇਆ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਉਸ ਨੂੰ ਜਬਰ ਜਨਾਹ ਕਰਨ ਦੇ ਦੋਸ਼ ਹੇਠ 20 ਸਾਲ ਦੀ ਸਜ਼ਾ ਸੁਣਾਈ ਗਈ ਸੀ ਤੇ ਡੇਰਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਨਜ਼ਰਬੰਦ ਹੈ।
ਰਾਮ ਰਹੀਮ ਤੇ ਕੇਜਰੀਵਾਲ ਨੂੰ ਜੇਲ੍ਹ ਵਿੱਚੋਂ ਬਾਹਰ ਲਿਆਉਣ ਵਿੱਚ ਭਾਜਪਾ ਦਾ ਹੱਥ: ਵਾਡਰਾ
ਨਵੀਂ ਦਿੱਲੀ (ਪੀਟੀਆਈ):
ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਅੱਜ ਦੋਸ਼ ਲਾਇਆ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਮਿਲਣ ਪਿੱਛੇ ਭਾਜਪਾ ਦਾ ਹੱਥ ਹੈ। ਇਸ ਤੋਂ ਇਲਾਵਾ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਜੇਲ੍ਹ ਵਿਚ ਬਾਹਰ ਇਸ ਕਰ ਕੇ ਲਿਆਂਦਾ ਗਿਆ ਹੈ ਤਾਂ ਕਿ ਹਰਿਆਣਾ ਚੋਣਾਂ ਵਿਚ ਕਾਂਗਰਸ ਦੀਆਂ ਵੋਟਾਂ ਨੂੰ ਸੰਨ੍ਹ ਲਾਈ ਜਾ ਸਕੇ। ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਆਗੂਆਂ ’ਤੇ ਵੀ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਭਾਜਪਾ ਸੋਚਦੀ ਹੈ ਕਿ ਇਹ ਲੋਕ ਕਾਂਗਰਸ ਦੀ ਹਰਿਆਣਾ ਵਿਚ ਜਿੱਤਣ ਦੀਆਂ ਸੰਭਾਵਨਾਵਾਂ ਨੂੰ ਖਤਮ ਕਰ ਸਕਦੇ ਹਨ ਜੋ ਗਲਤ ਹੈ।