ਹਰਿਆਣਾ ਚੋਣਾਂ: ਭਾਜਪਾ ਵੱਲੋਂ 20 ਨੁਕਾਤੀ ‘ਸੰਕਲਪ ਪੱਤਰ’ ਜਾਰੀ
* 24 ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ, 500 ਰੁਪਏ ਵਿੱਚ ਗੈਸ ਸਿਲੰਡਰ ਦੇਣ ਦਾ ਵਾਅਦਾ
ਆਤਿਸ਼ ਗੁਪਤਾ
ਚੰਡੀਗੜ੍ਹ, 19 ਸਤੰਬਰ
ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਪਣਾ 20 ਨੁਕਾਤੀ ‘ਸੰਕਲਪ ਪੱਤਰ’ ਜਾਰੀ ਕੀਤਾ ਹੈ। ਇਸ ਵਿੱਚ ਭਾਜਪਾ ਨੇ ਸੂਬੇ ਦੇ ਹਰੇਕ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ‘ਸੰਕਲਪ ਪੱਤਰ’ ਵਿੱਚ ਅਗਨੀਵੀਰਾਂ ਨੂੰ ਸਰਕਾਰੀ ਨੌਕਰੀ ਦੀ ਗਰੰਟੀ, ਔਰਤਾਂ ਨੂੰ 2100 ਰੁਪਏ ਮਹੀਨਾ ਅਤੇ ਦਿਹਾਤੀ ਖੇਤਰ ਵਿੱਚ ਕਾਲਜ ਪੜ੍ਹਨ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਟਰ ਦੇਣ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਦਾ ਇਹ ‘ਸੰਕਲਪ ਪੱਤਰ’ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੱਲੋਂ ਰੋਹਤਕ ਵਿੱਚ ਜਾਰੀ ਕੀਤਾ ਗਿਆ ਹੈ। ਇਸ ਮੌਕੇ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬਡੋਲੀ, ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਰਾਓ ਇੰਦਰਜੀਤ ਸਿੰਘ, ਕ੍ਰਿਸ਼ਨ ਪਾਲ ਗੁੱਜਰ, ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ, ਕੁਲਦੀਪ ਬਿਸ਼ਨੋਈ, ਸੁਧਾ ਯਾਦਵ, ਰਾਮਚੰਦਰ ਜਾਂਗਾ, ਅਸ਼ੋਕ ਤੰਵਰ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਸਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਹੀ 2.80 ਕਰੋੜ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਵਿੱਚ ਕਾਮਯਾਬ ਰਹੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ 24 ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ, ਦੋ ਲੱਖ ਨੌਜਵਾਨਾਂ ਨੂੰ ਨੌਕਰੀ ਅਤੇ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ 5 ਲੱਖ ਘਰ ਬਣਾਉਣ, ਹਰ ਜ਼ਿਲ੍ਹੇ ਵਿੱਚ ਓਲੰਪਿਕ ਖੇਡਾਂ ਲਈ ਨਰਸਰੀ ਖੋਲ੍ਹਣ, ਅੱਵਲ ਬਾਲਿਕਾ ਯੋਜਨਾ ਅਧੀਨ ਦਿਹਾਤੀ ਖੇਤਰ ਵਿੱਚ ਕਾਲਜ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਟਰ ਦੇਣ, ਕੇਂਦਰ ਸਰਕਾਰ ਦੇ ਸਹਿਯੋਗ ਨਾਲ ਕੇਐੱਮਪੀ ’ਤੇ ਰੇਲ ਕਾਰੀਡੋਰ ਅਤੇ ਸੂਬੇ ਵਿੱਚ ਨਵੀਂ ਵੰਦੇ ਭਾਰਤ ਰੇਲ ਗੱਡੀਆਂ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਸ੍ਰੀ ਨੱਢਾ ਨੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਵੱਖ-ਵੱਖ ਰੈਪਿਡ ਰੇਲ ਸੇਵਾਵਾਂ ਅਤੇ ਫਰੀਦਾਬਾਦ ਤੋਂ ਗੁਰੂਗ੍ਰਾਮ ਤੱਕ ਇੰਟਰ ਸਿਟੀ ਐਕਸਪ੍ਰੈੱਸ ਮੈਟਰੋ ਸੇਵਾ ਸ਼ੁਰੂ ਕਰਨ ਅਤੇ ਦੱਖਣੀ ਹਰਿਆਣਾ ਵਿੱਚ ਅੰਤਰ-ਰਾਸ਼ਟਰੀ ਪੱਧਰ ਦਾ ਅਰਾਵਲੀ ਜੰਗਲ ਸਫਾਰੀ ਪਾਰਕ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਐੱਸਸੀ ਤੇ ਓਬੀਸੀ ਵਰਗ ਦੇ ਵਿਦਿਆਰਥੀਆਂ ਲਈ ਸਰਕਾਰੀ ਕਾਲਜਾਂ ਵਿੱਚ ਮੈਡੀਕਲ ਤੇ ਇੰਜਨੀਅਰਿੰਗ ਦੀ ਪੜ੍ਹਾਈ ’ਤੇ ਮੁਕੰਮਲ ਸਕਾਲਰਸ਼ਿਪ, ਓਬੀਸੀ ਵਰਗ ਦੇ ਉਦਯੋਗਪਤੀਆਂ ਨੂੰ ਮੁਦਰਾ ਯੋਜਨਾ ਅਧੀਨ 25 ਲੱਖ ਰੁਪਏ ਤੱਕ ਕਰਜ਼ੇ ਦੀ ਗਾਰੰਟੀ, 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵੱਖਰੇ ਤੌਰ ’ਤੇ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਦਾ ਐਲਾਨ ਕੀਤਾ ਹੈ।