ਹਰਿਆਣਾ ਚੋਣਾਂ: ਭਾਰਤੀ ਚੋਣ ਕਮਿਸ਼ਨ ਦਾ ਵਫ਼ਦ ਚੰਡੀਗੜ੍ਹ ਪੁੱਜਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ
ਹਰਿਆਣਾ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਭਾਰਤ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦਾ ਵਫ਼ਦ ਹਰਿਆਣਾ ਦੇ ਦੋ ਰੋਜ਼ਾ ਦੌਰੇ ਲਈ ਚੰਡੀਗੜ੍ਹ ਪੁੱਜ ਗਿਆ ਹੈ। ਵਫ਼ਦ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀ ਗਿਆਨੇਸ਼ ਕੁਮਾਰ ਤੇ ਡਾ. ਐੱਸਐੱਸ ਸੰਧੂ ਵੀ ਚੰਡੀਗੜ੍ਹ ਆਏ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਵਫ਼ਦ ਦਾ ਸਵਾਗਤ ਕੀਤਾ। ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਦੋ ਰੋਜ਼ਾ ਦੌਰੇ ਦੌਰਾਨ ਹਰਿਆਣਾ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਅਤੇ ਪੁਖਤਾ ਸੁਰੱਖਿਆ ਪ੍ਰਬੰਧਾਂ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਚੋਣ ਕਮਿਸ਼ਨ ਵੱਲੋਂ ਚੋਣਾਂ ਸਬੰਧੀ ਭਾਜਪਾ, ਕਾਂਗਰਸ, ਇਨੈਲੋ, ਜਜਪਾ, ਬਸਪਾ, ‘ਆਪ’ ਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਦਾ ਕਾਰਜਕਾਲ 3 ਨਵੰਬਰ, 2024 ਨੂੰ ਖ਼ਤਮ ਹੋਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਅਕਤੂਬਰ 2024 ਦੇ ਅਖ਼ੀਰ ਵਿੱਚ ਕਰਵਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਕੁੱਲ 90 ਸੀਟਾਂ ਵਿੱਚੋਂ ਭਾਜਪਾ ਨੇ 40 ਸੀਟਾਂ ਜਿੱਤੀਆਂ, ਕਾਂਗਰਸ ਨੇ 31 ਸੀਟਾਂ, ਜਜਪਾ ਨੇ 10 ਅਤੇ ਇਨੈਲੋ ਨੇ ਇੱਕ ਸੀਟ ’ਤੇ ਜਿੱਤ ਦਰਜ ਕੀਤੀ ਸੀ।