ਹਰਿਆਣਾ ਸਰਕਾਰ ਐੱਸਵਾਈਐੱਲ ਨਹਿਰ ਦੀ ਉਸਾਰੀ ਲਈ ਦ੍ਰਿੜ: ਰਾਜਪਾਲ
ਆਤਿਸ਼ ਗੁਪਤਾ
ਚੰਡੀਗੜ੍ਹ, 7 ਮਾਰਚ
ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਅੱਜ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਹੋਈ। ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਸਭ ਤੋਂ ਪਹਿਲਾਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਸਣੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਸ ਤੋਂ ਬਾਅਦ ਹੋਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਰਾਜਪਾਲ ਨੇ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਦਨ ਦੇ ਸਮੇਂ ਦੀ ਸਹੀ ਵਰਤੋਂ ਕਰਦੇ ਹੋਏ ਜਨਹਿੱਤ ਨੂੰ ਪਹਿਲ ਦਿੱਤੀ ਜਾਵੇ।
ਰਾਜਪਾਲ ਨੇ ਸੂਬੇ ਦੇ ਹਿੱਸੇ ਦਾ ਪਾਣੀ ਯਕੀਨੀ ਤੌਰ ’ਤੇ ਹਰਿਆਣਾ ਨੂੰ ਦਿਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਰਾਵੀ-ਬਿਆਸ ਦਰਿਆਵਾਂ ਦੇ ਪਾਣੀ ਵਿੱਚੋਂ ਸੂਬੇ ਦਾ ਹਿੱਸਾ ਹਾਸਲ ਕਰ ਕੇ ਰਹੇਗੀ। ਰਾਜਪਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਔਰਤਾਂ, ਨੌਜਵਾਨਾਂ, ਵਪਾਰੀਆਂ, ਕਿਸਾਨਾਂ ਅਤੇ ਗਰੀਬ ਪਰਿਵਾਰਾਂ ਦੀ ਭਲਾਈ ਲਈ ਵਧ-ਚੜ੍ਹ ਕੇ ਕੰਮ ਕਰ ਰਹੀ ਹੈ। ਅੱਜ ਤੋਂ ਸ਼ੁਰੂ ਹੋਇਆ ਹਰਿਆਣਾ ਵਿਧਾਨ ਸਭਾ ਦਾ ਇਹ ਇਜਲਾਸ 28 ਮਾਰਚ ਤੱਕ ਚੱਲੇਗਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਿਨ੍ਹਾਂ ਕੋਲ ਵਿੱਤ ਮੰਤਰਾਲੇ ਦਾ ਚਾਰਜ ਵੀ ਹੈ, 17 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ। ਇਸ ਦੌਰਾਨ ਹਰਿਆਣਾ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਦੀ ਚੋਣ ਨਾ ਹੋਣ ਕਰ ਕੇ ਅੱਜ ਕਾਂਗਰਸੀ ਵਿਧਾਇਕ ਵਿਰੋਧੀ ਧਿਰ ਦੇ ਨੇਤਾ ਤੋਂ ਬਿਨਾ ਹੀ ਵਿਧਾਨ ਸਭਾ ਵਿੱਚ ਪੁੱਜੇ।