ਹਰਿਆਣਾ ਸਰਕਾਰ ਨੇ ਕਿਸਾਨਾਂ ਨਾਲ ਬੇਗ਼ਾਨਿਆਂ ਵਰਗਾ ਸਲੂਕ ਕੀਤਾ: ਪੰਧੇਰ
ਪੱਤਰ ਪ੍ਰੇਰਕ
ਪਟਿਆਲਾ, 29 ਅਗਸਤ
ਕਿਸਾਨਾਂ ਦੇ ਸ਼ੰਭੂ ਬਾਰਡਰ ’ਤੇ ਧਰਨੇ ਦੇ ਅੱਜ 198 ਦਿਨ ਮੁਕੰਮਲ ਹੋ ਗਏ ਹਨ। ਕਿਸਾਨ ਆਗੂਆਂ ਨੇ 31 ਅਗਸਤ ਨੂੰ ਹੋਣ ਵਾਲੀ ਵੱਡੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਸਬੰਧੀ ਕਿਸਾਨ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੀਤੀ। ਉਨ੍ਹਾਂ ਕਿਹਾ ਕਿ 31 ਅਗਸਤ ਨੂੰ ਦੇਸ਼ ਭਰ ਵਿਚ ਕਿਸਾਨਾਂ ਦੇ ਚੱਲ ਰਹੇ ਧਰਨਿਆਂ ਵਿਚ ਇਕੱਠ ਹੋਣਗੇ, ਜਿਸ ਤਹਿਤ ਪੰਜਾਬ ਵਿਚ ਸ਼ੰਭੂ ਤੇ ਖਨੌਰੀ ਵਿਚ ਵੱਡੇ ਇਕੱਠ ਹੋਣਗੇ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਰੈਲੀ ਵਿਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਦੁਰਵਿਹਾਰ ਤੇ ਕੀਤੇ ਗਏ ਤਸ਼ੱਦਦ ਦੀ ਗੱਲ ਹੋਵੇਗੀ। ਇਸ ਰੈਲੀ ਵਿਚ ਕਿਸਾਨ ਸਰਕਾਰਾਂ ਵੱਲੋਂ ਕੀਤੀਆਂ ਜਾਂਦੀਆਂ ਗੈਰਕਾਨੂੰਨੀ ਗਤੀਵਿਧੀਆਂ ਦਾ ਵੀ ਵਿਸ਼ਲੇਸ਼ਣ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਹੁਕਮ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਦਿੱਤਾ ਸੀ ਪਰ ਉਹ ਬਾਰਡਰ ਖੋਲ੍ਹਣ ਦੀ ਬਜਾਏ ਸੁਪਰੀਮ ਕੋਰਟ ਚਲੇ ਗਏ, ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਹਰਿਆਣਾ ਸਰਕਾਰ ਕਿਸੇ ਵੀ ਹਾਲਤ ਵਿਚ ਸ਼ੰਭੂ ਬਾਰਡਰ ਨਹੀਂ ਖੋਲ੍ਹਣਾ ਚਾਹੁੰਦੀ। ਆਮ ਕਰਕੇ ਸਰਕਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਰਸਤਾ ਬੰਦ ਕੀਤਾ ਹੋਇਆ ਹੈ, ਜਦਕਿ ਇੱਥੇ ਕਿਸਾਨਾਂ ਨੇ ਰਸਤਾ ਬੰਦ ਨਹੀਂ ਕੀਤਾ, ਰਸਤਾ ਤਾਂ ਹਰਿਆਣਾ ਸਰਕਾਰ ਨੇ ਦੀਵਾਰਾਂ ਕੱਢ ਕੇ ਬੰਦ ਕਰ ਦਿੱਤਾ ਹੋਇਆ ਹੈ। ਇਥੇ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ, ਇਸ ਤੋਂ ਇਲਾਵਾ 26 ਹੋਰ ਕਿਸਾਨ ਸ਼ਹੀਦ ਹੋ ਗਏ ਹਨ। ਕਈ ਕਿਸਾਨ ਹਰਿਆਣਾ ਪੁਲੀਸ ਵੱਲੋਂ ਚਲਾਈਆਂ ਗੋਲੀਆਂ ਕਰਕੇ ਆਪਣੀਆਂ ਅੱਖਾਂ ਦਾ ਨੁਕਸਾਨ ਕਰ ਬੈਠੇ ਹੈ ਪਰ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ ਪ੍ਰਗਟਾਈ, ਬਲਕਿ ਇਸ ਤਰ੍ਹਾਂ ਸਲੂਕ ਕੀਤਾ ਕਿ ਜਿਵੇਂ ਕਿਸਾਨ ਭਾਰਤ ਦੇ ਨਹੀਂ ਸਗੋਂ ਕਿਸੇ ਹੋਰ ਦੇਸ਼ ਦੇ ਵਾਸੀ ਹੋਣ। ਸ੍ਰੀ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਕੋਈ ਖ਼ਾਸ ਤਵੱਜੋ ਨਹੀਂ ਦਿੱਤੀ, ਜਿਸ ਕਰਕੇ ਬਾਰਡਰਾਂ ਦੇ ਕਿਸਾਨ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।