ਹਰਿਆਣਾ: ਸਰਕਾਰ ਦਾ ਈਵੀਐੱਮ ਰਾਹੀਂ ਚੋਣ ਕਰਵਾਉਣ ਦਾ ਫੈਸਲਾ ਗਲਤ: ਝੀਂਡਾ
ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 12 ਦਸੰਬਰ
ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸੂਬੇ ਦੀ ਸੈਣੀ ਸਰਕਾਰ ਵੱਲੋਂ ਕਮੇਟੀ ਦੀਆਂ ਚੋਣਾਂ ਕਰਵਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਉਨ੍ਹਾਂ ਨੇ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੰਗ ਕੀਤੀ ਹੈ ਕਿ ਚੋਣਾਂ ਈਵੀਐਮ ਦੀ ਬਜਾਏ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ। ਉਨ੍ਹਾਂ ਅਗਲੇ ਮਹੀਨੇ ਹੋਣ ਵਾਲੀਆਂ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਸਬੰਧੀ ਸਿੱਖ ਸੰਗਤ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈਵੀਐਮ ਨੂੰ ਲੈ ਕੇ ਪੂਰੇ ਦੇਸ਼ 'ਚ ਹਾਹਾਕਾਰ ਮਚੀ ਹੋਈ ਹੈ, ਜਿਸ ਨੂੰ ਦੇਖਦੇ ਹੋਏ ਸਰਕਾਰ ਨੂੰ ਘੱਟੋ-ਘੱਟ ਧਾਰਮਿਕ ਅਦਾਰਿਆਂ ’ਚ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ, ਜਿਸ ’ਤੇ ਚੋਣਾਂ ਤੋਂ ਬਾਅਦ ਕੋਈ ਉਂਗਲ ਉਠਾਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਪ੍ਰਸਤ ਦਾ ਅਹੁਦਾ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਪ੍ਰਸ਼ਾਸਨਿਕ ਰਿਟਰਨਿੰਗ ਅਫ਼ਸਰਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵੋਟਾਂ ਬਣਾਉਣ ਅਤੇ ਚੋਣ ਸਬੰਧੀ ਹੋਰ ਕੰਮਾਂ ਨੂੰ ਸੰਭਾਲਣ ਲਈ ਐਸਡੀਐਮ ਪੱਧਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਪਰ ਉਹ ਨਵੀਆਂ ਵੋਟਾਂ ਬਣਾਉਣ ਵਿੱਚ ਜ਼ਿਆਦਾ ਦਿਲਚਸਪੀ ਨਹੀਂ ਲੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਅਧਿਕਾਰੀਆਂ ਨੇ ਆਪਣੇ ਜੂਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਕੰਮ ਲਈ ਲਾਇਆ ਹੋਇਆ ਹੈ, ਜੋ ਉਨ੍ਹਾਂ ਦੀ ਮਰਜ਼ੀ ਅਨੁਸਾਰ ਕੰਮ ਕਰ ਰਹੇ ਹਨ ਅਤੇ ਵੋਟਾਂ ਬਣਾਉਣ ਦੀ ਬਜਾਏ ਟਾਲ-ਮਟੋਲ ਕਰਨ 'ਤੇ ਤੁਲੇ ਹੋਏ ਹਨ, ਜਿਸ ਕਾਰਨ ਨਵੀਆਂ ਵੋਟਾਂ ਬਣਾਉਣ ਦਾ ਕੰਮ ਬਹੁਤ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ।