ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਨੇ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਬਰਸਾਏ, ਕਿਸਾਨ ਹਿਰਾਸਤ ’ਚ ਲਏ ਤੇ ਕਈ ਜ਼ਖ਼ਮੀ

12:28 PM Feb 13, 2024 IST

 

Advertisement

ਸਰਬਜੀਤ ਸਿੰਘ ਭੰਗੂ/ ਏਜੰਸੀ

Advertisement

ਪਟਿਆਲਾ/ਚੰਡੀਗੜ੍ਹ, 13 ਫਰਵਰੀ
ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੂੰ ਸੂਬੇ ’ਚ ਦਾਖਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕਈ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਦੌਰਾਨ ਕਈ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਰਿਪੋਰਟ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਵਿੱਚ ਸ਼ਾਮਲ ਨੌਜਵਾਨਾਂ ਦੇ ਸਮੂਹ ਨੇ ਅੱਜ ਅੰਬਾਲਾ ਵਿੱਚ ਸ਼ੰਭੂ ਸਰਹੱਦ 'ਤੇ ਲਗਾਏ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹਰਿਆਣਾ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਵੱਲੋਂ ਬੈਰੀਕੇਡ ਤੋਂ ਦੂਰ ਰਹਿਣ ਦੀ ਅਪੀਲ ਕਰਨ ਦੇ ਬਾਵਜੂਦ ਵੀ ਕਈ ਨੌਜਵਾਨ ਪਿੱਛੇ ਨਹੀਂ ਹਟੇ ਅਤੇ ਬੈਰੀਕੇਡ ਦੇ ਉੱਪਰ ਖੜ੍ਹੇ ਹੋ ਗਏ, ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਲੋਹੇ ਦੇ ਬੈਰੀਕੇਡ ਤੋੜ ਕੇ ਘੱਗਰ ਨਦੀ ਦੇ ਪੁਲ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ। ਬਾਅਦ ਵਿੱਚ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਸੁੱਟਣ ਲਈ ਡਰੋਨ ਦੀ ਵਰਤੋਂ ਵੀ ਕੀਤੀ। ਇਸ ਦੇ ਨਾਲ ਪੁਲੀਸ ਨੇ ਕਿਸਾਨਾਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਦੌਰਾਨ ਕਿਸਾਨਾਂ ਨੇ ਜਿਥੇ ਦੋ ਰੋਕਾਂ ਤੋੜ ਦਿੱਤੀਆਂ ਉਥੇ ਕੰਡਿਆਲੀ ਤਾਰ ਨੂੰ ਟਰੈਕਟਰਾਂ ਦੀ ਮਦਦ ਨਾਲ ਪੰਜਾਬ ਵਾਲੇ ਪਾਸੇ ਖਿੱਚ ਲਿਆ।

ਖਨੌਰੀ ਬਾਰਡਰ ’ਤੇ ਕਿਸਾਨਾਂ ’ਤੇ ਅੱਥਰੂ ਗੈਸ ਛੱਡੀ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ

ਗੁਰਦੀਪ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ:
ਖਨੌਰੀ ਬਾਰਡਰ ’ਤੇ ਹਰਿਆਣਾ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਮਹਿਲਾਂ ਚੌਕ ਤੋਂ ਸੈਂਕੜੇ ਟਰੈਕਟਰ ਟਰਾਲੀਆਂ ਖਨੌਰੀ ਬਾਰਡਰ ਲਈ ਰਵਾਨਾ ਹੋ ਚੁੱਕੀਆਂ ਹਨ ਤੇ ਖਨੌਰੀ ਬਾਰਡਰ ’ਤੇ ਜਲਦ ਪੁੱਜਣ ਵਾਲੀਆਂ ਹਨ। ਖਨੌਰੀ ਇਲਾਕੇ ਦੇ ਹਜ਼ਾਰਾਂ ਕਿਸਾਨ ਪਹਿਲਾਂ ਹੀ ਬਾਰਡਰ ’ਤੇ ਇਕੱਠੇ ਹੋ ਗਏ ਸਨ, ਜਿਨ੍ਹਾਂ ਨੇ ਰੋਕਾਂ ਤੋੜਨ ਦੀ ਕੋਸ਼ਿਸ਼ ਕੀਤੀ।

ਪੁਲੀਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ, ਦੋ ਪੱਤਰਕਾਰਾਂ ਸਣੇ ਪੰਜ ਜ਼ਖ਼ਮੀ

ਗੁਰਨਾਮ ਸਿੰਘ ਚੌਹਾਨ

ਪਾਤੜਾਂ: ਇੱਥੇ ਅੱਜ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਦੇ ਸੱਦੇ ’ਤੇ ਦਿੱਲੀ ਜਾ ਰਹੇ ਕਿਸਾਨਾਂ ਨੇ ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਪਿੰਡ ਢਾਬੀ ਗੁਜਰਾਂ ਨੇੜੇ ਪੰਜਾਬ-ਹਰਿਆਣਾ ਸਰਹੱਦ ’ਤੇ ਲਾਈਆਂ ਗਈਆਂ ਰੋਕਾਂ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਹਰਿਆਣਾ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਦੇ ਜਵਾਨਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਕੇਂਦਰੀ ਰਿਜ਼ਰਵ ਪੁਲੀਸ ਦੇ ਜਵਾਨਾਂ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ ਜਿਸ ਕਾਰਨ ਤਿੰਨ ਕਿਸਾਨ ਜ਼ਖ਼ਮੀ ਹੋ ਗਏ। ਇਸ ਦੌਰਾਨ ਦੋ ਪੱਤਰਕਾਰਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ।

Advertisement
Advertisement