ਹਰਿਆਣਾ: ਸੈਣੀ ਅੱਜ ਚੁੱਕਣਗੇ ਮੁੱਖ ਮੰਤਰੀ ਵਜੋਂ ਸਹੁੰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਲਫ਼ਦਾਰੀ ਸਮਾਗਮ ’ਚ ਹੋਣਗੇ ਸ਼ਾਮਲ
ਪੀਪੀ ਵਰਮਾ
ਪੰਚਕੂਲਾ 16 ਅਕਤੂਬਰ
ਨਾਇਬ ਸਿੰਘ ਸੈਣੀ ਭਲਕੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੇ ਹਲਫ਼ਦਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਹਲਫਦਾਰੀ ਸਮਾਗਮ ਪੰਚਕੂਲਾ ਦੇ ਸੈਕਟਰ-5 ਸਥਿਤ ਦਸਹਿਰਾ ਗਰਾਊਂਡ ’ਚ ਹੋਵੇਗਾ। ਇਸ ਤੋਂ ਪਹਿਲਾਂ ਅੱਜ ਦਿਨੇਂ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਫੌਰੀ ਮਗਰੋਂ ਸੈਣੀ ਚੰਡੀਗੜ੍ਹ ਵਿੱਚ ਹਰਿਆਣਾ ਰਾਜ ਭਵਨ ਪਹੁੰਚੇ, ਜਿੱਥੇ ਉਨ੍ਹਾਂ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹਮਾਇਤ ਵਾਲੇ ਵਿਧਾਇਕਾਂ ਦੀ ਸੂਚੀ ਸੌਂਪ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਮੋਦੀ ਦੀ ਅਗਵਾਈ ’ਚ ਐੱਨਡੀਏ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ
ਚੰਡੀਗੜ੍ਹ (ਆਤਿਸ਼ ਗੁਪਤਾ):
ਹਰਿਆਣਾ ਦੇ ਮੁੱਖ ਮੰਤਰੀ ਦੇ ਹਲਫ਼ਦਾਰੀ ਸਮਾਗਮ ਤੋਂ ਤੁਰੰਤ ਬਾਅਦ ਚੰਡੀਗੜ੍ਹ ਵਿੱਚ ਐੱਨਡੀਏ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਸਣੇ ਦੇਸ਼ ਦੇ ਇਕ ਦਰਜਨ ਤੋਂ ਵੱਧ ਸੂਬਿਆਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਹੋਰ ਆਗੂ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਦੇਸ਼ ਦੇ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ ਅਤੇ ਸਾਲ 1975 ਵਿੱਚ ਲੱਗੀ ਐਮਰਜੈਂਸੀ ਦੀ 50ਵੀਂ ਵਰ੍ਹੇਗੰਢ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।