ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਨੇ ਨਿਵੇਕਲੀ ਪਛਾਣ ਬਣਾਈ: ਸਹਿਗਲ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 25 ਜੁਲਾਈ
ਕੌਮ ਨੂੰ ਸਮਰਪਿਤ ਹੋਣ ਦੇ ਨਾਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸਿੱਖਾਂ ਦੇ ਹਿੱਤਾਂ ਵਿੱਚ ਕੰਮ ਕਰ ਰਹੀ ਹੈ। ਬੜੇ ਘੱਟ ਸਮੇਂ ਵਿੱਚ ਹੀ ਸੂਬੇ ਵਿੱਚ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਆਪਣੀ ਕਾਰਜਸ਼ੈਲੀ ਤੇ ਸੇਵਾ ਸੰਭਾਲ ਦੇ ਬਲਬੂਤੇ ਹਰਿਆਣਾ ਕਮੇਟੀ ਨੇ ਆਪਣੀ ਇਕ ਨਿਵੇਕਲੀ ਪਛਾਣ ਬਣਾਈ ਹੈ। ਇਹ ਦਾਅਵਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ ਨੇ ਕਮੇਟੀ ਦੇ ਮੁੱਖ ਦਫਤਰ ਵਿੱਚ ਗੱਲਬਾਤ ਕਰਦਿਆਂ ਕੀਤਾ। ਸਹਿਗਲ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਦੀ ਅਗਵਾਈ ਵਿਚ ਸੰਸਥਾ ਨੇ ਪੂਰੇ ਸੂਬੇ ਵਿੱਚ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕੀਤਾ ਹੈ। ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕਰਾਏ ਜਾ ਰਹੇ ਹਨ ਤੇ ਬੱਚਿਆਂ ਨੂੰ ਗੁਰਮਤਿ ਤੇ ਗੁਰੂ ਇਤਿਹਾਸ ਨਾਲ ਜੋੜਨ ਲਈ ਸਿਖਲਾਈ ਕੈਂਪ ਲਾਉਣ ਦਾ ਕੰਮ ਵੀ ਵੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਬਾਲਾ ਦੇ ਗੁਰਦੁਆਰਾ ਪੰਜੋਖਰਾ ਸਾਹਿਬ ਪਾਤਸ਼ਾਹੀ ਅੱਠਵੀਂ ਵਿੱਚ ਪਿਛਲੇ ਦਿਨੀਂ ਇਕ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਕਰੀਬ 600 ਸਕੂਲੀ ਬੱਚਿਆਂ ਨੂੰ ਗੁਰੂ ਇਤਿਹਾਸ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦਾ ਗਿਆਨ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕਰਦਿਆਂ ਪ੍ਰਸਿੱਧ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਸਹਿਗਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸ਼ਾਹਪੁਰ ਵਿੱਚ ਜਲਦੀ ਹੀ ਆਧੁਨਿਕ ਪ੍ਰਿੰਟਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾਣਗੀਆਂ।