For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਸੈਣੀ ਤੇ ਖੱਟਰ ਸਣੇ ਹੋਰਨਾਂ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

07:45 AM Jun 04, 2024 IST
ਹਰਿਆਣਾ  ਸੈਣੀ ਤੇ ਖੱਟਰ ਸਣੇ ਹੋਰਨਾਂ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 3 ਜੂਨ
ਹਰਿਆਣਾ ਦੇ ਇੱਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਅਤੇ 10 ਲੋਕ ਸਭਾ ਹਲਕਿਆਂ ਲਈ ਹੋਈ ਵੋਟਿੰਗ ਦੀ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਰਾਓ ਇੰਦਰਜੀਤ ਤੇ ਕ੍ਰਿਸ਼ਨਪਾਲ ਗੁੱਜਰ ਸਣੇ ਹੋਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਵੋਟਾਂ ਦੀ ਗਿਣਤੀ ਲਈ 91 ਗਿਣਤੀ ਕੇਂਦਰ ਤਿਆਰ ਕੀਤੇ ਹਨ।
ਚੋਣ ਕਮਿਸ਼ਨ ਵੱਲੋਂ ਪਹਿਲਾਂ ਪੋਸਟਲ ਬੈਲੇਟ ਦੀ ਗਿਣਤੀ ਸ਼ੁਰੂ ਕੀਤੀ ਜਾਵੇਗੀ। ਉਸ ਤੋਂ ਕੁਝ ਸਮਾਂ ਬਾਅਦ ਈਵੀਐੱਮਜ਼ ਦੀ ਗਿਣਤੀ ਸ਼ੁਰੂ ਹੋਵੇਗੀ।
ਇਸ ਵਾਰ ਸੂਬੇ ਦੀਆਂ 10 ਲੋਕ ਸਭਾ ਸੀਟਾਂ ’ਤੇ ਕਈ ਵੱਡੇ ਚਿਹਰਿਆਂ ਨੇ ਆਪਣੀ ਕਿਸਮਤ ਅਜ਼ਮਾਈ ਹੈ।
ਲੋਕ ਸਭਾ ਹਲਕਾ ਕਰਨਾਲ ਤੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਗੁਰੂਗ੍ਰਾਮ ਤੋਂ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਫਰੀਦਾਬਾਦ ਤੋਂ ਕ੍ਰਿਸ਼ਨਪਾਲ ਗੁੱਜਰ, ਰੋਹਤਕ ਤੋਂ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਦੇ ਪੁੱਤਰ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ, ਹਿਸਾਰ ਤੋਂ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਰਣਜੀਤ ਚੌਟਾਲਾ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਇਸੇ ਤਰ੍ਹਾਂ ਲੋਕ ਸਭਾ ਹਲਕਾ ਸਿਰਸਾ ਤੋਂ ਕਾਂਗਰਸ ਦੀ ਸਾਬਕਾ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੀ ਹੈ। ਵਿਧਾਨ ਸਭਾ ਹਲਕਾ ਕਰਨਾਲ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕਾਂਗਰਸ ਵੱਲੋਂ ਤਰਲੋਚਨ ਸਿੰਘ, ਜਜਪਾ ਵੱਲੋਂ ਰਾਜਿੰਦਰ ਸਣੇ 9 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਸੂਬੇ ਦੇ 64.80 ਫ਼ੀਸਦ ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕੀਤੀ ਹੈ। ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸੂਬੇ ਵਿੱਚ ਸਾਰਾ ਦਿਨ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਦਿਨ ਸਾਰਾ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਮੇਂ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਇਲਾਕੇ ਵਿੱਚ ਕਿਸੇ ਨੂੰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

Advertisement

ਮਨੋਹਰ ਲਾਲ ਖੱਟਰ ਦਿੱਲੀ ਪਹੁੰਚੇ

ਲੋਕ ਸਭਾ ਚੋਣਾਂ ਦੀ ਗਿਣਤੀ ਤੋਂ ਇਕ ਦਿਨ ਪਹਿਲਾਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਿੱਲੀ ਪਹੁੰਚ ਗਏ ਹਨ। ਦਿੱਲੀ ਵਿੱਚ ਉਨ੍ਹਾਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਖੱਟਰ ਦੇ ਦਿੱਲੀ ਪਹੁੰਚਣ ਦੀ ਜਾਣਕਾਰੀ ਮਿਲਦੇ ਹੀ ਸੂਬੇ ਵਿੱਚ ਸਿਆਸੀ ਗਹਿਮਾ-ਗਹਿਮੀ ਸ਼ੁਰੂ ਹੋ ਗਈ ਹੈ।

Advertisement
Author Image

joginder kumar

View all posts

Advertisement
Advertisement
×