ਹਰਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ’ਤੇ ਬੋਨਸ ਦੇਣ ਦਾ ਫ਼ੈਸਲਾ
ਆਤਿਸ਼ ਗੁਪਤਾ
ਚੰਡੀਗੜ੍ਹ, 8 ਅਗਸਤ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ’ਤੇ ਦੋ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਬਾਗਬਾਨੀ ਲਈ ਵੀ ਕਿਸਾਨਾਂ ਨੂੰ 2,000 ਰੁਪਏ ਪ੍ਰਤੀ ਏਕੜ ਬੋਨਸ ਦੇਣ ਦੀ ਮਨਜ਼ੂਰੀ ਵੀ ਦਿੱਤੀ ਹੈ। ਇਸੇ ਤਰ੍ਹਾਂ ਸੂਬੇ ਦੇ 49 ਲੱਖ ਬੀਪੀਐੱਲ ਪਰਿਵਾਰਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮੁਹੱਈਆ ਕਰਵਾਉਣ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਪੈਨਸ਼ਨ ਯੋਜਨਾ ਵਿੱਚ ਮਹਤੱਵਪੂਰਨ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਸਾਨਾਂ ਨੂੰ 14 ਅਗਸਤ ਤੱਕ ‘ਮੇਰੀ ਫਸਲ-ਮੇਰਾ ਬਿਓਰਾ’ ਉਤੇ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਬੋਨਸ ਦੀ ਪਹਿਲੀ ਰਕਮ 15 ਅਗਸਤ ਨੂੰ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਬੋਨਸ ਦੇਣ ਲਈ 1300 ਕਰੋੜ ਰੁਪਏ ਦਾ ਖਰਚ ਕੀਤੇ ਜਾਣ ਦੀ ਉਮੀਦ ਹੈ।
1.20 ਲੱਖ ਠੇਕਾ ਮੁਲਾਜ਼ਮਾਂ ਦੀਆਂ ਨੌਕਰੀਆਂ ਸੁਰੱਖਿਅਤ ਕੀਤੀਆਂ
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਠੇਕਾ ਮੁਲਾਜ਼ਮਾਂ ਦੀ ਨੌਕਰੀ ਨੂੰ ਸੇਵਾਮੁਕਤੀ ਤੱਕ ਸੁਰੱਖਿਅਤ ਕਰਨ ਦਾ ਵੱਡਾ ਫ਼ੈਸਲਾ ਵੀ ਕੀਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਲਗਪਗ 1 ਲੱਖ 20 ਹਜ਼ਾਰ ਠੇਕਾ ਕਰਮਚਾਰੀਆਂ ਨੂੰ ਵੱਡਾ ਲਾਭ ਮਿਲੇਗਾ। ਇਹ ਫ਼ੈਸਲਾ ਆਊਟਸੋਰਸਿੰਗ ਪਾਲਿਸੀ ਪਾਰਟ-1 ਅਤੇ ਪਾਰਟ-2 ਸਮੇਤ ਐੱਚਕੇਆਰਐੱਨ ਤਹਿਤ ਕੰਮ ਕਰ ਰਹੇ ਠੇਕਾ ਕਰਮਚਾਰੀਆਂ ’ਤੇ ਲਾਗੂ ਹੋਵੇਗਾ। ਇਸ ਲਈ ਸੂਬਾ ਸਰਕਾਰ ਵੱਲੋਂ ਇਕ ਆਰਡੀਨੈਂਸ ਲਿਆਂਦਾ ਜਾਵੇਗਾ। ਆਰਡੀਨੈਂਸ ਵਿੱਚ 15 ਅਗਸਤ 2024 ਤੱਕ 5 ਸਾਲ ਦੀ ਨੌਕਰੀ ਪੂਰੀ ਕਰ ਚੁੱਕੇ ਠੇਕਾ ਮੁਲਾਜ਼ਮਾਂ ਨੂੰ ਪੇਅ-ਸਕੇਲ ਬੇਸਿਕ ਤਨਖਾਹ ਪ੍ਰਦਾਨ ਕੀਤੀ ਜਾਵੇਗੀ