For the best experience, open
https://m.punjabitribuneonline.com
on your mobile browser.
Advertisement

ਹੜ੍ਹ ਪ੍ਰਭਾਵਿਤ ਖੇਤਰਾਂ ’ਚ ਘਰ-ਘਰ ਜਾਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ: ਡਾ.ਬਲਬੀਰ ਸਿੰਘ

10:01 AM Jul 17, 2023 IST
ਹੜ੍ਹ ਪ੍ਰਭਾਵਿਤ ਖੇਤਰਾਂ ’ਚ ਘਰ ਘਰ ਜਾਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ  ਡਾ ਬਲਬੀਰ ਸਿੰਘ
ਸਿਹਤ ਮੰਤਰੀ ਬਲਬੀਰ ਸਿੰਘ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਸਰਬਜੀਤ ਸਿੰਘ
Advertisement

ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 16 ਜੁਲਾਈ
ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਬ ਡਿਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ। ਐਤਵਾਰ ਸਵੇਰੇ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਹੁੰਚੇ ਡਾ. ਬਲਬੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਤਾਇਨਾਤ ਮੈਡੀਕਲ ਟੀਮਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਮੈਡੀਕਲ ਟੀਮਾਂ ਲਈ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਨੀ ਆਸਾਨ ਹੋ ਜਾਵੇਗੀ ਅਤੇ ਡਾਕਟਰਾਂ ਦੀ ਅਗਵਾਈ ਵਿੱਚ ਇਹ ਟੀਮਾਂ ਲੋਕਾਂ ਦੇ ਘਰੋ-ਘਰੀ ਜਾ ਕੇ ਮੈਡੀਕਲ ਚੈਕਅਪ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਨਿ੍ਹਾਂ ਖੇਤਰਾਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਵੱਧ ਹੈ, ਉਥੇ ਲੋੜ ਪੈਣ ’ਤੇ ਕਿਸ਼ਤੀਆਂ ਰਾਹੀਂ ਹਰ ਸੰਭਵ ਮੈਡੀਕਲ ਸੇਵਾ ਪਹੁੰਚਾਉਣ ਨੂੰ ਪੂਰੀ ਤਰਜੀਹ ਦਿੱਤੀ ਜਾਵੇ। ਐੱਸਡੀਐਮ ਸ਼ਾਹਕੋਟ ਰਿਸ਼ਭ ਬਾਂਸਲ, ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ ਐੱਸਐੱਮਓ ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਥਾਵਾਂ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਡਾ.ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸੰਭਵ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਗਈ ਹੈ।

Advertisement

ਸਿਹਤ ਮੰਤਰੀ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਚਰਚਾ
ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਮੰਡਾਲਾ ਛੰਨਾ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਮੌਜੂਦਾ ਹਲਾਤ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਤਰਾਂ ਲਈ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਰਾਜ ਸਭਾ ਮੈਂਬਰ ਵੱਲੋਂ ਮੰਡਾਲਾ ਛੰਨਾ ਵਿੱਚ ਧੁੱਸੀ ਬੰਨ੍ਹ ਵਿੱਚ ਪਾਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦੇ ਸਹਿਯੋਗ ਨਾਲ ਜਲਦ ਪੂਰੇ ਜਾਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਹਤ ਮੰਤਰੀ ਨੂੰ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਦੇ ਲਾਗਲੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਦੱਸਿਆ।
ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਸਥਾਨਕ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐੱਸਡੀਐੱਮ ਵਿਕਰਮਜੀਤ ਪਾਂਥੇ ਨਾਲ ਅੱਜ ਹਲਕੇ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਹਸਨਪੁਰ ਖੁਰਦ, ਕਾਠਗੜ੍ਹ ਅਤੇ ਟੌਂਸਾ ਨੇੜੇ ਬਿਸਤ ਦੁਆਬ ਨਹਿਰ ਦਾ ਬੰਨ੍ਹ ਟੁੱਟਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
ਬੰਨ੍ਹ ’ਚ ਪਏ ਪਾੜ ਨੂੰ ਪੂਰਨ ਦਾ ਡੀਸੀ ਵੱਲੋਂ ਜਾਇਜ਼ਾ
ਜਲੰਧਰ/ਸ਼ਾਹਕੋਟ(ਪੱਤਰ ਪ੍ਰੇਰਕ): ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਧੱਕਾ ਬਸਤੀ ਵਿੱਚ ਪਾਏ ਪਾੜ੍ਹ ਨੂੰ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅੱਜ ਸ਼ਾਮ ਨੂੰ ਮੌਕੇ ’ਤੇ ਪਹੁੰਚੇ ਅਤੇ 900 ਫੁੱਟ ਤੋਂ ਵੱਧ ਪਏ ਪਾੜ ਵਿੱਚੋਂ 200 ਫੁੱਟ ਦੇ ਪਾੜ ਨੂੰ ਪੂਰੇ ਜਾਣ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਡੀਸੀ ਵੱਲੋਂ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਤੋਂ ਰੇਤ ਦੇ ਭਰੇ ਹੋਏ ਬੋਰਿਆਂ ਦੀ ਟਰਾਲੀਆਂ ਲੈ ਕੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ, ਜੋ ਕਿ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ, ਨੇ ਡੀਸੀ ਨੂੰ ਦੱਸਿਆ ਕਿ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਲਗਾਤਾਰ ਜਾਰੀ ਹੈ।

Advertisement
Tags :
Author Image

Advertisement
Advertisement
×