ਸਿਹਤ ਮੰਤਰੀ ਵੱਲੋਂ ਸਰਕਾਰੀ ਹਸਪਤਾਲਾਂ ਦਾ ਦੌਰਾ
ਮਨੋਜ ਸ਼ਰਮਾ
ਬਠਿੰਡਾ, 28 ਜੂਨ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾਕਟਰੀ ਸਟਾਫ਼ ਵਲੋਂ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਦੀ ਪਰਚੀ ਬਣਵਾ ਕੇ ਸਬੰਧਤ ਡਾਕਟਰ ਦੇ ਕਮਰੇ ਤੱਕ ਛੱਡਣ ‘ਚ ਮਦਦ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਮੂਹ ਡਾਕਟਰੀ ਸਟਾਫ਼ ਤੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸਿਵਲ ਹਸਪਤਾਲ ‘ਚ ਬਣੇ ਡਾਇਲਸਿਸ ਸੈਂਟਰ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਸਾਫ਼-ਸਫ਼ਾਈ ਅਤੇ ਹੋਰ ਪ੍ਰਬੰਧਾਂ ‘ਤੇ ਤਸੱਲੀ ਵੀ ਪ੍ਰਗਟਾਈ। ਸਿਹਤ ਮੰਤਰੀ ਨੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੋਣ ਬਾਰੇ ਵੀ ਜਾਣਿਆ। ਇਸ ਉਪਰੰਤ ਡਾ. ਬਲਬੀਰ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਦਾ ਦੌਰਾ ਕੀਤਾ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਕਮਿਊਨਿਟੀ ਹੈਲਥ ਸੈਂਟਰ ਵਿੱਚ ਬੂਟਾ ਵੀ ਲਗਾਇਆ। ਇਸ ਮੌਕੇ ਵਿਧਾਇਕ ਬਠਿੰਡਾ ਜਗਰੂਪ ਸਿੰਘ ਗਿੱਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਪਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਸੀਨੀਅਰ ਪੁਲੀਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਆਦਿ ਹਾਜ਼ਰ ਸਨ।
ਮੁਲਾਜ਼ਮ ਜਥੇਬੰਦੀਆਂ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪੇ
ਸਿਹਤ ਮੰਤਰੀ ਦੀ ਬਠਿੰਡਾ ਫੇਰੀ ਮੌਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਵਫਦ ਵੱਲੋਂ ਬਦਲੀਆਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸੇ ਤਰ੍ਹਾਂ ਗੋਨਿਆਣਾ ਮੰਡੀ ਵਿੱਚ ਏਐੱਨਐੱਮ ਯੂਨੀਅਨ ਦੀ ਜ਼ਿਲ੍ਹਾ ਆਗੂ ਰਣਜੀਤ ਕੌਰ ਦੀ ਅਗਵਾਈ ਵਾਲੇ ਵਫਦ ਨੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ।