ਪੰਜਾਬ ’ਚ ਵਿਦਿਆਰਥੀਆਂ ਦੀ ਸਿਹਤ ਦੀ ਹੋਵੇਗੀ ਜਾਂਚ: ਮੰਤਰੀ
ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਨਵੰਬਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਭਰ ਦੇ ਸਮੂਹ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚਲੇ ਸਮੂਹ ਵਿਦਿਆਰਥੀਆਂ ਦੀ ਸਿਹਤ ਦਾ ਖਿਆਲ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਦੇ ਕੱਦ, ਭਾਰ, ਖੂਨ ਅਤੇ ਨਿਗ੍ਹਾ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ‘ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ’ ਸਬੰਧੀ ਸਿਹਤ ਵਿਭਾਗ ਵੱਲੋਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਵਿਚ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਕਰਕੇ ਬਹੁਤ ਬਿਮਾਰੀਆਂ ਲੱਗਦੀਆਂ ਹਨ। ਇਸ ਲਈ ਪੇਟ ਦੇ ਕੀੜਿਆਂ ਬਾਰੇ ਜਾਗਰੂਕਤਾ ਤੇ ਇਲਾਜ ਲਈ ਸਾਲ ਵਿੱਚ ਦੋ ਵਾਰ ਅਲਬੈਂਡਾਂਜੋਲ ਦੀ ਗੋਲੀ ਖਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੇ ਟੀਚੇ ਤਹਿਤ ਅੱਜ ਕੌਮੀ ਡੀਵਾਰਮਿੰਗ ਦਿਵਸ ਮਨਾ ਕੇ ਇਹ ਦਵਾਈ ਬੱਚਿਆਂ ਨੂੰ ਖਵਾਈ ਗਈ ਹੈ ਅਤੇ 5 ਦਸੰਬਰ ਨੂੰ ਮੋਪ-ਅੱਪ ਦਿਵਸ ਵੀ ਮਨਾਇਆ ਜਾਵੇਗਾ। ਇਸ ਲਈ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇਹ ਗੋਲੀ ਖੁਆਉਣ ਲਈ 72 ਲੱਖ ਗੋਲੀਆਂ ਵੰਡੀਆਂ ਗਈਆਂ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਸਾਫ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਸਬੰਧੀ ਆਪਣੇ ਗੁਆਂਢ ਤੇ ਹੋਰਾਂ ਨੂੰ ਵੀ ਜਾਗਰੂਕ ਕਰਨ।