ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸਮੱਸਿਆਵਾਂ ਦੀ ਮਾਰ
ਪੱਤਰ ਪ੍ਰੇਰਕ
ਜਗਰਾਉਂ, 18 ਜੁਲਾਈ
ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਨੂੰ ਪਾਣੀ ਦਾ ਪੱਧਰ ਘਟਣ ਨਾਲ ਜਿੱਥੇ ਸੁੱਖ ਦਾ ਸਾਹ ਆਇਆ ਹੈ, ਉੱਥੇ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ। ਸਿੱਧਵਾਂ ਬੇਟ ਇਲਾਕੇ ਵਿੱਚ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ’ਚ ਲੋਕਾਂ ਵੱਲੋਂ ਚਮੜੀ ਨਾਲ ਸਬੰਧਿਤ ਬਿਮਾਰੀਆਂ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਰਵੇਖਣ ਲਈ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਵਿੱਚ ਪਾਣੀ ਦੇ ਪੱਧਰ ਘੱਟਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਦੇ ਚਲਦਿਆਂ ਸਿਹਤ ਟੀਮਾਂ ਬੁਖਾਰ, ਪੇਟ ਦਰਦ, ਉਲਟੀਆਂ, ਦਸਤ ਅਤੇ ਹੋਰ ਸਮੱਸਿਆਵਾਂ ਦੀਆਂ ਸ਼ਿਕਾਇਤਾਂ ’ਤੇ ਕੰਮ ਕਰ ਰਹੀਆਂ ਹਨ। ਫਿਰ ਵੀ ਲੋਕਾਂ ਵਿੱਚ ਬਹੁਤੇ ਦਨਿ ਪਾਣੀ ਰਹਿਣ ਕਾਰਨ ਚਮੜੀ ਰੋਗ ਦੀ ਸ਼ਿਕਾਇਤ ਆ ਰਹੀ ਹੈ।
ਹੜ੍ਹਾਂ ਕਾਰਨ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਹੜ੍ਹਾਂ ਦੇ ਪਾਣੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਦੇ ਨਾਲ ਨਾਲ ਪਸ਼ੂਆਂ ਲਈ ਬੀਜਿਆ ਹਰਾ ਚਾਰਾ ਵੀ ਖ਼ਰਾਬ ਹੋ ਗਿਆ ਹੈ। ਕਾਲਾ ਸਿੰਘ, ਸੁਖਰਾਜ ਸਿੰਘ, ਹਿੰਮਤ ਸਿੰਘ ਨੇ ਦੱਸਿਆ ਕਿ ਜਦੋਂ-ਜਦੋਂ ਸਤਲੁਜ ਦਰਿਆ ਦਾ ਪਾਣੀ ਮਾਰ ਕਰਦਾ ਹੈ, ਇਸ ਸੰਕਟ ਵਿੱਚੋਂ ਉਭਰਨ ਲਈ ਲੋਕਾਂ ਨੂੰ ਕਰੀਬ ਅੱਧਾ ਸਾਲ ਲੱਗ ਜਾਂਦਾ ਹੈ।
ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ: ਅਧਿਕਾਰੀ
ਉਪ-ਮੰਡਲ ਮੈਜਿਸਟ੍ਰੇਟ ਮਨਜੀਤ ਕੌਰ ਨੇ ਆਖਿਆ ਕਿ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ।