ਸਿਹਤ ਕਾਮਿਆਂ ਵੱਲੋਂ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਜੁਲਾਈ
ਸਿਹਤ ਕਰਮਚਾਰੀਆਂ ਦੀ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੀ ਹਮਾਇਤ ਕਰਦਿਆਂ ਤੀਜੇ ਦਨਿ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਸਿਹਤ ਕਾਮਿਆਂ ਨਾਲ ਭੁੱਖ ਹੜਤਾਲ ’ਤੇ ਬੈਠੇ। ਸ੍ਰੀ ਚੀਮਾ ਨੇ ਕਿਹਾ ਕਿ ਸਿਹਤ ਕਰਮਚਾਰੀ ਕਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਸ੍ਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਕਾਮਿਆਂ ਦੇ ਸੰਘਰਸ਼ ਵਿਚ ਡਟ ਕੇ ਸਾਥ ਦੇਵੇਗੀ।
ਤੀਜੇ ਦਨਿ ਸੁਖਵੀਰ ਦਾਸ, ਦਲਵੀਰ ਸਿੰਘ, ਰੁਪਿੰਦਰ ਸਿੰਘ, ਸਰਬਜੀਤ ਕੌਰ, ਰੀਨਾ ਰਾਣੀ ਆਦਿ ਸਿਹਤ ਕਾਮੇ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਨਿਰਪਾਲ ਸਿੰਘ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਸਾਲ 2018 ਵਿਚ ਭਰਤੀ ਗਏ ਮਲਟੀਪਰਪਜ਼ ਹੈਲਥ ਵਰਕਰ ਮੇਲ ਦਾ ਪਰਖ ਕਾਲ ਦਾ ਸਮਾਂ ਸਰਕਾਰ ਵਲੋਂ ਤਿੰਨ ਸਾਲ ਦਾ ਤੈਅ ਕੀਤਾ ਗਿਆ ਹੈ ਜਿਸ ਨੂੰ ਘਟਾ ਕੇ ਦੋ ਸਾਲ ਦਾ ਕਰਾਉਣ ਲਈ ਸਿਹਤ ਕਾਮੇ ਸੰਘਰਸ਼ ਦੇ ਰਾਹ ’ਤੇ ਹਨ। ਉਨ੍ਹਾਂ ਕਿਹਾ ਕਿ ਐਸ.ਐਮ.ਓਜ਼ ਅਤੇ ਸਿਵਲ ਸਰਜਨਾਂ ਰਾਹੀਂ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਨਾਂ ਮੰਗ ਪੱਤਰ ਦਿੱਤੇ ਗਏ ਸਨ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ 7 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਟਿਆਲਾ ਸਥਿਤ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।