ਸਿਹਤ ਕਾਮਿਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ
ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਜੁਲਾਈ
ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਸਿਹਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਅੱਜ ਇਥੇ ਸਿਵਲ ਸਰਜਨ ਦਫ਼ਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਆਗੂ ਗੁਲਜ਼ਾਰ ਖਾਂ ਦੀ ਅਗਵਾਈ ਹੇਠ ਮਨਜੀਤ ਕੌਰ ਅਮਰਗੜ੍ਹ, ਸਰਬਜੀਤ ਕੌਰ ਪ੍ਰਧਾਨ ਕੰਟਰੈਕਟ ਮੁਲਾਜ਼ਮ ਯੂਨੀਅਨ, ਮਨੁਵਰ ਜਹਾਂ ਜਨਰਲ ਸਕੱਤਰ, ਇੰਦਰਜੀਤ ਸਿੰਘ ਫਤਹਿਗੜ੍ਹ ਪੰਜਗਰਾਈਆਂ, ਅਮਨਦੀਪ ਸਿੰਘ ਫਤਹਿਗÎੜ੍ਹ ਪੰਜਗਰਾਈਆਂ ਭੁੱਖ ਹੜਤਾਲ ’ਤੇ ਬੈਠੇ। ਭੁੱਖ ਹੜਤਾਲੀ ਕਾਮਿਆਂ ਵਲੋਂ ਐਲਾਨ ਕੀਤਾ ਹੈ ਕਿ ਲੜੀਵਾਰ ਭੁੱਖ ਹੜਤਾਲ 6 ਅਗਸਤ ਤੱਕ ਜਾਰੀ ਰਹੇਗੀ ਤੇ 7 ਅਗਸਤ ਨੂੰ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਗੁਲਜ਼ਾਰ ਖਾਂ ਨੇ ਦੱਸਿਆ ਕਿ ਪਿਛਲੇ ਦਨਿਾਂ ਦੌਰਾਨ ਸੰਘਰਸ਼ ਕਮੇਟੀ ਵੱਲੋਂ ਸੀਨੀਅਰ ਮੈਡੀਕਲ ਅਫ਼ਸਰਾਂ, ਸਿਵਲ ਸਰਜਨਾਂ, ਵਿਰੋਧੀ ਧਿਰ ਦੇ ਆਗੂ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ ਸਨ ਪਰੰਤੂ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ ਤੇ ਮੰਗਾਂ ਦਾ ਪਰਨਾਲਾ ਉਥੇ ਦਾ ਉਥੇ ਹੀ ਹੈ। ਸਰਕਾਰ ਦੀ ਚੁੱਪ ਦੇ ਖ਼ਿਲਾਫ਼ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਜਾਨ ਜੋਖ਼ਮ ਵਿਚ ਪਾ ਕੇ ਕੀਤੀ ਜਾ ਰਹੀ ਹੈ ਫਿਰ ਵੀ ਸਰਕਾਰ ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਿਹਤ ਕਾਮਿਆਂ ਨੇ ਕੋਵਿਡ-19 ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਹੈ ਤੇ ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਦਿਆਂ ਪੰਜ-ਪੰਜ ਸਾਥੀਆਂ ਵੱਲੋਂ ਲੜੀਵਾਰ ਭੁੱਖ ਹੜਤਾਲ ’ਤੇ ਬੈਠਣ ਦਾ ਫੈਸਲਾ ਲਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਵੱਲੋਂ ਮੰਗਾਂ ਪ੍ਰਤੀ ਕੋਈ ਹਾਂ-ਪੱਖੀ ਹੁੰਗਾਰਾ ਨਾ ਭਰਿਆ ਗਿਆ ਤਾਂ ਸਿਹਤ ਕਾਮੇ ਤਿੱਖੇ ਸੰਘਰਸ਼ਾਂ ਲਈ ਮਜ਼ਬੂਰ ਹੋਣਗੇ।
ਧੂਰੀ (ਹਰਦੀਪ ਸਿੰਘ ਸੋਢੀ) ਰਾਸਟਰੀ ਸਿਹਤ ਮਿਸਨ ਪੰਜਾਬ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਸਮੁੱਚੀਆਂ ਐਸੋਸੀਏਸ਼ਨਾਂ ਤੇ ਵੱਖ-ਵੱਖ ਕੇਡਰਾਂ ਦੇ ਆਗੂਆਂ ਦੀ ਸਾਂਝੀ ਕਾਲ ’ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਸਰਕਾਰ ਪੱਧਰ ’ਤੇ ਪੂਰਾ ਨਾ ਹੋਣ ਦੇ ਰੋਸ ਵਜੋਂ ਸਮੁੱਚੇ ਪੰਜਾਬ ਦੇ ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਂਝਾ ਬਿਆਨ ਜਾਰੀ ਕਰਦਿਆਂ ਐੱਨਆਰਐੱਚਐੱਮ ਐਂਪਲਾਈਜ਼ ਐਸੋਸੀਏਸ਼ਨ ਪੰਜਾਬ ਅਤੇ ਐੱਨਆਰਐੱਚਐੱਮ ਐਂਪਲਾਈਜ਼ ਯੂਨੀਅਨ ਪੰਜਾਬ ਦੇ ਡਾਕਟਰ ਇੰਦਰਜੀਤ ਸਿੰਘ ਰਾਣਾ ਤੇ ਅਮਰਜੀਤ ਸਿੰਘ ਨੇ ਕਿਹਾ ਕਿ ਇਸ ਔਖੇ ਸਮੇਂ ’ਚ ਮੁਲਾਜ਼ਮ ਆਪਣੀ ਜਾਨ ਤਲੀ ’ਤੇ ਧਰ ਕੇ ਲੋਕਾਂ ਨੂੰ ਬਚਾਉਣ ਲਈ ਕੋਵਿਡ-19 ਮਾਹਾਮਾਰੀ ਖ਼ਿਲਾਫ਼ ਲੜ ਰਹੇ ਹਨ।