ਦੂਜੇ ਦਨਿ ਵੀ ਭੁੱਖ ਹੜਤਾਲ ’ਤੇ ਡਟੇ ਰਹੇ ਸਿਹਤ ਕਾਮੇ
ਸੰਗਰੂਰ (ਗੁਰਦੀਪ ਸਿੰਘ ਲਾਲੀ): ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਸਿਹਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਦੂਜੇ ਦਨਿ ਵੀ ਲੜੀਵਾਰ ਭੁੱਖ ਹੜਤਾਲ ਜਾਰੀ ਰਹੀ ਅਤੇ ਭੁੱਖ ਹੜਤਾਲੀ ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੂਜੇ ਦਨਿ ਰਣਧੀਰ ਸਿੰਘ ਜ਼ਿਲ੍ਹਾ ਪ੍ਰਧਾਨ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਨਵਦੀਪ ਕੁਮਾਰ, ਵਿਪਨ ਕੁਮਾਰ, ਮਨਦੀਪ ਸਿੰਘ ਭਵਾਨੀਗੜ੍ਹ, ਪਰਮਜੀਤ ਕੌਰ, ਕਿਰਨਪਾਲ ਕੌਰ ਪੰਜਗਰਾਈਆਂ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਕਿ ਐੱਸ.ਐੱਮ.ਓ. ਅਤੇ ਸਿਵਲ ਸਰਜਨਾਂ ਰਾਹੀਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ ਸਨ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ। ਸਰਕਾਰ ਖ਼ਿਲਾਫ਼ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਆਪਣੀ ਡਿਊਟੀ ਜਾਨ ਜੋਖ਼ਮ ਵਿੱਚ ਪਾ ਕੇ ਕੀਤੀ ਜਾ ਰਹੀ ਹੈ, ਫਿਰ ਵੀ ਸਰਕਾਰ ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਿਹਤ ਕਾਮਿਆਂ ਨੇ ਕੋਵਿਡ-19 ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਹੈ ਅਤੇ ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਦਿਆਂ ਪੰਜ-ਪੰਜ ਸਾਥੀਆਂ ਵੱਲੋਂ ਹੀ ਲੜੀਵਾਰ ਭੁੱਖ ਹੜਤਾਲ ’ਤੇ ਬੈਠਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਕੋਈ ਹਾਂ-ਪੱਖੀ ਹੁੰਗਾਰਾ ਨਾ ਭਰਿਆ ਗਿਆ ਤਾਂ ਸਿਹਤ ਕਾਮੇ ਤਿੱਖੇ ਸੰਘਰਸ਼ਾਂ ਲਈ ਮਜਬੂਰ ਹੋਣਗੇ। ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕੇ ਕੀਤਾ ਜਾਵੇ, ਨਵਨਿਯੁਕਤ ਮਲਟੀਪਰਪਜ ਹੈਲਥ ਵਰਕਰਾਂ ਦਾ ਪ੍ਰਵੇਸ਼ਨ ਪੀਰੀਅਡ ਦੋ ਸਾਲ ਦਾ ਕੀਤਾ ਜਾਵੇ, ਕੋਵਿਡ -19 ਦੌਰਾਨ ਫਰੰਟ ਲਾਈਨ ’ਤੇ ਕੰਮ ਕਰ ਰਹੇ ਕਾਮਿਆਂ ਨੂੰ ਆਰਥਿਕ ਰਾਹਤ ਦਿੱਤੀ ਜਾਵੇ ਅਤੇ ਹੋਰ ਹੱਕੀ ਤੇ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣ।