ਸਿਹਤ ਕਰਮਚਾਰੀਆਂ ਨੇ ਬੈਨਰ ਲਾ ਕੇ ਕੀਤਾ ਰੋਸ ਮੁਜ਼ਾਹਰਾ
ਪੱਤਰ ਪ੍ਰੇਰਕ
ਅਮਰਗੜ੍ਹ, 27 ਜੁਲਾਈ
ਨੈਸ਼ਨਲ ਹੈਲਥ ਮਿਸ਼ਨ ਐਂਪਲਾਈਜ਼ ਯੂਨੀਅਨ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਵਿੱਚ ਸਿਹਤ ਸੇਵਾਵਾਂ ਬਹਾਲ ਰੱਖਦੇ ਹੋਏ ਆਪਣੀਆਂ ਸੀਟਾਂ ਅੱਗੇ ਮੰਗਾਂ ਸਬੰਧੀ ਬੈਨਰ ਲਾਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਸਿਹਤ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨ ਰਹੀ ਜਿਸ ਕਾਰਨ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਰੋਨਾ ਮਹਾਮਾਰੀ ਦੇ ਦੌਰ ਵਿੱਚ ਫਰੰਟ ਲਾਈਨ ਉੱਪਰ ਕੰਮ ਕਰਦੇ ਮੈਡੀਕਲ, ਪੈਰਾਮੈਡੀਕਲ ਤੇ ਦਫਤਰੀ ਸਟਾਫ ਮੁਲਾਜ਼ਮ ਆਪਣੀਆਂ ਸੇਵਾਵਾਂ ਨੂੰ ਨਿਯਮਤ ਕਰਨ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਸਿਹਤ ਮੰਤਰੀ ਨੇ ਸਿਹਤ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਸਿਹਤ ਵਿਭਾਗ ਨੇ 10-15 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਨਵੀਂ ਭਰਤੀ ਨੂੰ ਮਨਜੂਰੀ ਦੇ ਦਿੱਤੀ। ਆਗੂਆਂ ਨੇ ਪੰਜਾਬ ਸਰਕਾਰ ਮੁਰਦਾਬਾਦ, ਕੱਚੇ ਮੁਲਾਜਮ ਪੱਕੇ ਕਰਨ, ਬਰਾਬਰ ਕੰਮ ਬਰਾਬਰ ਤਨਖਾਹ, ਠੇਕਾ ਭਰਤੀ ਬੰਦ ਕਰਨ, ਐੱਮਐੱਚਐੱਮ ਨੂੰ ਰੈਗੂਲਰ ਆਦਿ ਦੇ ਬੈਨਰ ਲਾ ਕੇ ਰੋਸ ਜਾਹਿਰ ਕਰਦਿਆਂ ਸਰਕਾਰ ਤੋਂ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।