‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ
ਮਾਨਸਾ, 9 ਜੁਲਾਈ
‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੇ 12 ਪਿੰਡਾਂ ਦਾ ਇੱਕ ਸਾਂਝਾ ਕੈਂਪ ਪਿੰਡ ਸਰਦੂਲੇਵਾਲਾ ਵਿੱਚ ਲਾਇਆ ਗਿਆ। ਇਸ ਕੈਂਪ ਵਿੱਚ ਸਰਦੂਲੇਵਾਲਾ ਸਮੇਤ ਢਾਣੀ ਫੂਸ ਮੰਡੀ, ਟਿੱਬੀ ਹਰੀ ਸਿੰਘ, ਕਾਹਨੇਵਾਲਾ, ਭੂੰਦੜ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ, ਰੋੜਕੀ, ਚੋਟੀਆਂ, ਆਲੀਕੇ, ਬਰਨ, ਕਰੀਪੁਰ ਡੁੰਮ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਤਕਲੀਫ਼ਾਂ ਲਈ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਾਲ ਐੱਸਡੀਐੱਮ ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਏਡੀਸੀ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਕਾਊਂਟਰ ਲਗਾਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 59 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 47 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ 12 ਦਰਖ਼ਾਸਤਾਂ ਵਿਭਾਗੀ ਪ੍ਰਕਿਰਿਆ ਅਤੇ ਸਮਾਂਬੱਧ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀਆਂ ਗਈਆਂ ਹਨ।