ਸੰਜੈ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸੁਪਰੀਮ ਕੋਰਟ ਨੇ ‘ਆਪ’ ਆਗੂ ਸੰਜੈ ਸਿੰਘ ਵੱਲੋਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 5 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਈਡੀ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸ.ਵੀ.ਰਾਜੂ ਦੇ ਇਸ ਦਾਅਵੇ ਕਿ ਦਿੱਲੀ ਹਾਈ ਕੋਰਟ ਨੇ ਸਿੰਘ ਦੀ ਨਿਯਮਤ ਜ਼ਮਾਨਤ ਸਬੰਧੀ ਅਰਜ਼ੀ ’ਤੇ 31 ਜਨਵਰੀ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ, ਮਗਰੋਂ ਸੁਣਵਾਈ ਮੁਲਤਵੀ ਕਰ ਦਿੱਤੀ। ਇਸੇ ਦੌਰਾਨ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਹਿਰਾਸਤੀ ਪੈਰੋਲ ਤਹਿਤ ਹਫ਼ਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰਬੰਧ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਕੋਰਟ ਨੇ ਸਿਸੋਦੀਆ ਦੀ ਨਿਯਮਤ ਜ਼ਮਾਨਤ ਅਰਜ਼ੀ ’ਤੇ ਸੁਣਵਾਈ 12 ਫਰਵਰੀ ਲਈ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਕੋਰਟ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ। ਸਿਸੋਦੀਆ ਦੀ ਪਤਨੀ ਸੀਮਾ ਪਿਛਲੇ 23 ਸਾਲਾਂ ਤੋਂ ਮਲਟੀਪਲ ਸਕਲੇਰੋਸਿਸ ਨਾਂ ਦੀ ਬਿਮਾਰੀ ਤੋਂ ਪੀੜਤ ਹੈ। ਸਿਸੋਦੀਆ ਨੇ ਪਟੀਸ਼ਨ ਦਾਇਰ ਕਰਕੇ ਕੁਝ ਸਮਾਂ ਆਪਣੀ ਪਤਨੀ ਨਾਲ ਰਹਿਣ ਦੀ ਮੰਗ ਕੀਤੀ ਸੀ। ਇਸ ਦੌਰਾਨ ਸਿਸੋਦੀਆ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ’ਚ ਜ਼ਮਾਨਤ ਤੋਂ ਇਨਕਾਰ ਕਰਨ ਵਾਲੇ ਕੋਰਟ ਦੇ 2023 ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਵਾਲੀਆਂ ਆਪਣੀਆਂ ਦੋ ਕਿਊਰੇਟਿਵ ਪਟੀਸ਼ਨਾਂ ’ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ। ਸਿਸੋਦੀਆ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਦੱਸਿਆ ਕਿ ‘ਆਪ’ ਆਗੂ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਦੀਆਂ ਕਿਊਰੇਟਿਵ ਪਟੀਸ਼ਨਾਂ ’ਤੇ ਤੁਰੰਤ ਸੁਣਵਾਈ ਕੀਤੀ ਜਾਵੇ।