For the best experience, open
https://m.punjabitribuneonline.com
on your mobile browser.
Advertisement

ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਤਬਦੀਲ

06:57 AM Jun 01, 2024 IST
ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਤਬਦੀਲ
Advertisement

ਜਸਵੰਤ ਜੱਸ
ਫਰੀਦਕੋਟ, 31 ਮਈ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਵਿੱਚ ਵਾਪਰੇ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਮੁਕੱਦਮਿਆਂ ਦੀ ਸੁਣਵਾਈ ਫਰੀਦਕੋਟ ਦੀ ਥਾਂ ਹੁਣ ਚੰਡੀਗੜ੍ਹ ਦੀ ਅਦਾਲਤ ’ਚ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਨੂੰ ਫਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰਨ ਦੇ ਅੱਜ ਹੁਕਮ ਦਿੱਤੇ ਹਨ। ਇਸ ਕੇਸ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸ਼ਰਮਾ ਸਮੇਤ ਇੱਕ ਦਰਜਨ ਵਿਅਕਤੀ ਮੁਲਜ਼ਮਾਂ ਵਜੋਂ ਨਾਮਜ਼ਦ ਹਨ। ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਖ਼ਿਲਾਫ਼ ਫਰੀਦਕੋਟ ਦੀ ਅਦਾਲਤ ਵਿੱਚ ਕਰੀਬ 11 ਹਜ਼ਾਰ ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੋਈ ਹੈ ਅਤੇ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਸੁਣਵਾਈ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਸ ਕੇਸ ਵਿੱਚ ਮੁਲਜ਼ਮ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੇ ਸਾਲ 2019 ਵਿੱਚ ਜੇਲ੍ਹ ਵਿੱਚ ਨਜ਼ਰਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਆਪਣੀ ਨਿੱਜੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਬਹਿਬਲ ਗੋਲੀਕਾਂਡ ਨੂੰ ਫਰੀਦਕੋਟ ਦੀ ਅਦਾਲਤ ’ਚੋਂ ਚੰਡੀਗੜ੍ਹ ਤਬਦੀਲ ਕੀਤਾ ਜਾਵੇ। ਇਸ ਤੋਂ ਪਹਿਲਾਂ ਹਾਈ ਕੋਰਟ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਦੀ ਸੁਣਵਾਈ ਇੱਕੋ ਅਦਾਲਤ ਵਿੱਚ ਇਕੱਠਿਆਂ ਕਰਨ ਦੇ ਹੁਕਮ ਸੁਣਾ ਚੁੱਕੀ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਦਰਜ ਹੋਏ ਤਿੰਨ ਮੁਕੱਦਮੇ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਹੋ ਚੁੱਕੇ ਹਨ। ਪੰਜਾਬ ਸਰਕਾਰ ਨੇ ਸਾਰੇ ਕੇਸ ਫਰੀਦਕੋਟ ਦੀਆਂ ਅਦਾਲਤਾਂ ਵਿੱਚ ਹੀ ਜਾਰੀ ਰੱਖਣ ਲਈ ਕਿਹਾ ਸੀ ਅਤੇ ਨਾਲ ਹੀ ਮੁਲਜ਼ਮਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਸੀ ਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਤਿੰਨ ਮੁਲਜ਼ਮਾਂ ਦਾ ਕਤਲ ਹੋ ਚੁੱਕਾ ਹੈ। ਅਦਾਲਤ ਨੇ ਮਾਮਲਿਆਂ ਦੀ ਗੰਭੀਰਤਾ ਨੂੰ ਦੇਖਦਿਆਂ ਇਹ ਕੇਸ ਚੰਡੀਗੜ੍ਹ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×