ਸੁਪਰੀਮ ਕੋਰਟ ਵੱਲੋਂ ਗੱਜਣਮਾਜਰਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਅੱਜ
ਨਵੀਂ ਦਿੱਲੀ, 30 ਜੂਨ
ਦੇਸ਼ ਦੀ ਸਰਵਉਚ ਅਦਾਲਤ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ’ਤੇ ਕੀਤੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਭਲਕੇ ਸੁਣਵਾਈ ਕਰੇਗੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸੀ ਟੀ ਰਵੀਕੁਮਾਰ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਵੱਲੋਂ ਕਰਨ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ ਦੇਸ਼ ਦੀ ਸਿਖਰਲੀ ਅਦਾਲਤ ਨੇ ਪਹਿਲਾਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਦੇ ਵਿਧਾਇਕ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਇਹ ਗ੍ਰਿਫ਼ਤਾਰੀ ਗੈਰ-ਕਾਨੂੰਨੀ ਨਹੀਂ ਸੀ। ਦੱਸਣਾ ਬਣਦਾ ਹੈ ਕਿ ਸੀਬੀਆਈ ਨੇ ਮਈ 2023 ਵਿੱਚ ਕਥਿਤ ਤੌਰ ’ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਗੱਜਣਮਾਜਰਾ ਨਾਲ ਜੁੜੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ 2022 ਵਿੱਚ ਕਥਿਤ ਬੈਂਕ ਲੋਨ ਧੋਖਾਧੜੀ ਦੇ ਸਬੰਧ ਵਿੱਚ ਛਾਪੇ ਮਾਰੇ ਸਨ। -ਪੀਟੀਆਈ
ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਫ਼ੈਸਲਾ ਸੰਭਵ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ’ਚ ਬੀਆਰਐੱਸ ਆਗੂ ਕੇ ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਫੈਸਲਾ ਸੁਣਾ ਸਕਦਾ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ 1 ਜੁਲਾਈ ਨੂੰ ਬਾਅਦ ਦੁਪਹਿਰ ਫ਼ੈਸਲਾ ਸੁਣਾਉਣਗੇ। ਉਨ੍ਹਾਂ 28 ਮਈ ਨੂੰ ਕਵਿਤਾ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਕਵਿਤਾ ਨੇ ਹੇਠਲੀ ਅਦਾਲਤ ਦੇ ਛੇ ਮਈ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਦੇ ਸੀਬੀਆਈ ਕੇਸ ਦੇ ਨਾਲ ਨਾਲ ਈਡੀ ਦੇ ਮਨੀ ਲਾਂਡਰਿੰਗ ਕੇਸ ’ਚ ਉਸ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਗਈਆਂ ਸਨ। -ਪੀਟੀਆਈ