ਸੁਪਰੀਮ ਕੋਰਟ ਵੱਲੋਂ ਠਾਕਰੇ ਧੜੇ ਦੀ ਪਟੀਸ਼ਨ ’ਤੇ ਸੁਣਵਾਈ ਅੱਜ
ਨਵੀਂ ਦਿੱਲੀ: ਸੁਪਰੀਮ ਕੋਰਟ ਭਲਕੇ 22 ਜਨਵਰੀ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਦੇ ਫ਼ੈਸਲੇ ਖ਼ਿਲਾਫ਼ ਸ਼ਿਵ ਸੈਨਾ (ਯੂਬੀਟੀ) ਆਗੂ ਸੁਨੀਲ ਪ੍ਰਭੂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰੇਗਾ। ਸਪੀਕਰ ਨੇ ਆਪਣੇ ਫ਼ੈਸਲੇ ’ਚ ਕਿਹਾ ਸੀ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਹੇਠਲਾ ਧੜਾ ਹੀ ਅਸਲੀ ਸ਼ਿਵ ਸੈਨਾ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਪ੍ਰਕਾਸ਼ਤ ਕੀਤੀ ਗਈ ਕੇਸਾਂ ਦੀ ਸੂਚੀ ਅਨੁਸਾਰ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ 22 ਜਨਵਰੀ ਨੂੰ ਇਸ ਮਸਲੇ ’ਤੇ ਸੁਣਵਾਈ ਕਰੇਗਾ। ਲੰਘੀ 15 ਜਨਵਰੀ ਨੂੰ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਹੇਠਲੇ ਸ਼ਿਵ ਸੈਨਾ ਧੜੇ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਵਿਧਾਨ ਸਭਾ ਸਪੀਕਰ ਨਾਰਵੇਕਰ ਦੇ 10 ਜਨਵਰੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸੇ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਨੂੰ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਅਮਲ ’ਚ ਲਿਆਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਭਲਕੇ 22 ਜਨਵਰੀ ਨੂੰ ਸੁਣਵਾਈ ਕਰੇਗਾ। ਇਹ ਪਟੀਸ਼ਨ ਕਾਂਗਰਸ ਆਗੂ ਜਯਾ ਠਾਕੁਰ ਵੱਲੋਂ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਪਾਈ ਸੂਚੀ ਅਨੁਸਾਰ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ 22 ਜਨਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗਾ। -ਆਈਏਐੱਨਐੱਸ