Hemant Soren: ਝਾਰਖੰਡ: ਹੇਮੰਤ ਸੋਰੇਨ ਵੱਲੋਂ ਰਾਜਪਾਲ ਨਾਲ ਮੁਲਾਕਾਤ
ਰਾਂਚੀ, 24 ਨਵੰਬਰ
ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਅੱਜ ਰਾਜਪਾਲ ਸੰਤੋਸ਼ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ 28 ਨਵੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਨਾਲ ਝਾਰਖੰਡ ਦੇ ਕਾਂਗਰਸ ਇੰਚਾਰਜ ਜੀਏ ਮੀਰ ਅਤੇ ਇੰਡੀਆ ਗੱਠਜੋੜ ਦੇ ਭਾਈਵਾਲ ਅਤੇ ਉਨ੍ਹਾਂ ਦੇ ਨੁਮਾਇੰਦੇ ਸ਼ਾਮਲ ਸਨ। ਦੱਸਣਾ ਬਣਦਾ ਹੈ ਕਿ ਜੇਐਮਐਮ ਨੇ 81 ਮੈਂਬਰੀ ਝਾਰਖੰਡ ਵਿਧਾਨ ਸਭਾ ਵਿੱਚ ਬਹੁਮਤ ਹਾਸਲ ਕੀਤਾ ਸੀ। ਸ੍ਰੀ ਸੋਰੇਨ ਨੇ ਕਿਹਾ ਕਿ ਉਹ ਆਪਣੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਤੇ ਸਰਕਾਰ ਦੀਆਂ ਨੀਤੀਆਂ ਤੇ ਸਹੂਲਤਾਂ ਘਰ ਘਰ ਪਹੁੰਚਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਦਿਨੇ ਰਾਜ ’ਚ ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਸਰਬ ਸੰਮਤੀ ਨਾਲ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ। ਝਾਰਖੰਡ ਮੁਕਤੀ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ 28 ਨਵੰਬਰ ਨੂੰ ਸਹੁੰ ਚੁੱਕ ਸਮਾਗਮ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨਗੇ।