ਵਿਰਾਸਤੀ ਮੇਲਾ: ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਫਨ ਦਾ ਮੁਜ਼ਾਹਰਾ
ਸ਼ਗਨ ਕਟਾਰੀਆ
ਬਠਿੰਡਾ, 10 ਫਰਵਰੀ
ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ 9 ਤੋਂ 11 ਫਰਵਰੀ ਤੱਕ ਕਰਵਾਏ ਜਾ ਰਹੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵੇਂ ਵਿਰਾਸਤੀ ਮੇਲੇ ਦੇ ਦੂਜੇ ਦਿਨ ਦਰਸ਼ਕਾਂ ਦਾ ਖੂਬ ਸੈਲਾਬ ਵੇਖਣ ਨੂੰ ਮਿਲਿਆ। ਦੂਜੇ ਦਿਨ ਵੱਖ-ਵੱਖ ਸੱਭਿਆਚਾਰਕ ਵੰਨਗੀਆਂ, ਖੇਡਾਂ, ਘੋਲ, ਵੱਖ-ਵੱਖ ਰਾਜਾਂ ਦੇ ਲੋਕ ਨਾਚ, ਕੋਰਿਓਗ੍ਰਾਫ਼ੀਆਂ, ਭੰਗੜਾ, ਮਲਵਈ ਗਿੱਧਾ, ਭੰਗੜਾ ਆਦਿ ਤੋਂ ਇਲਾਵਾ ਪ੍ਰਸਿੱਧ ਪੰਜਾਬੀ ਗਾਇਕਾਂ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲੀ ਰੱਖਿਆ। ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਮੇਲੇ ਦੌਰਾਨ ਪੇਸ਼ਕਾਰੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੰਚ ਸੰਚਾਲਨ ਲੈਕਚਰਾਰ ਗੁਰਦੀਪ ਸਿੰਘ ਮਾਨ ਅਤੇ ਹਰਮੀਤ ਸਿਵੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ, ਰਾਮ ਪ੍ਰਕਾਸ਼ ਜਿੰਦਲ, ਬਲਦੇਵ ਸਿੰਘ ਚਹਿਲ, ਗੁਰਅਵਤਾਰ ਸਿੰਘ ਗੋਗੀ, ਗੁਰਮੀਤ ਸਿੰਘ ਸਿੱਧੂ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।