ਅੰਮ੍ਰਿਤਸਰ ਵਿੱਚ ਸੈਰ ਸਪਾਟਾ ਵਿਭਾਗ ਵੱਲੋਂ ਹੈਰੀਟੇਜ ਵਾਕ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਸਤੰਬਰ
ਅੰਮ੍ਰਿਤਸਰ ਦੇ ਸੱਭਿਆਚਾਰ ਅਤੇ ਅਮੀਰ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੈਰ ਸਪਾਟਾ ਵਿਭਾਗ ਪੰਜਾਬ ਵੱਲੋਂ ਕਰਵਾਈ ਗਈ ਹੈਰੀਟੇਜ ਵਾਕ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਉਨ੍ਹਾਂ ਅੱਜ ਵਾਇਸ ਆਫ ਅੰਮ੍ਰਿਤਸਰ ਅਤੇ ਅਗੋਸ਼ ਐੱਨਜੀਓ ਦੀ ਸਹਾਇਤਾ ਨਾਲ ਟਾਊਨ ਹਾਲ ਤੋਂ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੱਕ ਕੱਢੀ ਗਈ ਵਿਰਾਸਤੀ ਸੈਰ ਦੀ ਅਗਵਾਈ ਕੀਤੀ।
ਉਨ੍ਹਾਂ ਕਿਹਾ ਕਿ ਵਿਰਾਸਤੀ ਸੈਰ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਅਤੇ ਅੰਮ੍ਰਿਤਸਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸ਼ਹਿਰ ਦੀ ਵਿਰਾਸਤ ਬਾਰੇ ਜਾਣਕਾਰੀ ਦੇਣਾ ਹੈ। ਅੰਮ੍ਰਿਤਸਰ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਪਰ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਵਿਰਾਸਤ ਬਾਰੇ ਕੋਈ ਜ਼ਿਆਦਾ ਜਾਣਕਾਰੀ ਨਹੀਂ ਹੁੰਦੀ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਵਿਰਾਸਤ ਦੀ ਜਾਣਕਾਰੀ ਮੁਹੱਈਆ ਕਰਾਉਣ ਲਈ ਕਿਊਆਰ ਕੋਡ ਲਾਂਚ ਕੀਤਾ ਗਿਆ ਹੈ ਜੋ ਬਸ ਸਟੈਂਡ, ਰੇਲਵੇ ਸਟੇਸ਼ਨ, ਹਵਾਈ ਅੱਡੇ ਅਤੇ ਸ਼ਹਿਰ ਦੇ ਪ੍ਰਮੁੱਖ ਚੌਕਾਂ ’ਚ ਡਿਸਪਲੇਅ ਕੀਤਾ ਜਾਵੇਗਾ। ਜੋ ਕੋਈ ਵੀ ਸ਼ਰਧਾਲੂ ਆਪੇ ਸਮਾਰਟ ਫੋਨ ਵਿੱਚ ਇਸ ਕਿਊਆਰ ਕੋਡ ਨੂੰ ਸਕੈਨ ਕਰੇਗਾ, ਉਹ ਸ਼ਹਿਰ ਦੀਆਂ ਵੱਖ-ਵੱਖ ਵਿਰਾਸਤੀ ਥਾਵਾਂ ਦੀ ਜਾਣਕਾਰੀ ਹਾਸਲ ਕਰ ਸਕੇਗਾ।
ਇਸ ਮੌਕੇ ਐੱਸਡੀਐੱਮ ਮਨਕੰਵਲ ਚਾਹਲ, ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ, ਸੈਮਸਨ ਮਸੀਹ, ਤਹਿਸੀਲਦਾਰ ਰਾਜਿੰਦਰ ਕੌਰ, ਗਗਨਦੀਪ ਸਿੰਘ ਵਿਰਕ, ਗੁਰਿੰਦਰ ਸਿੰਘ ਜੌਹਲ, ਸੁਖਮਨਦੀਪ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਤੇ ਆਮ ਸ਼ਹਿਰੀ ਸ਼ਾਮਲ ਸਨ।