ਡੱਲੇਵਾਲ ਨੇ ਸੁਪਰੀਮ ਕੋਰਟ ਦੀ ਉੱਚ ਤਾਕਤੀ ਕਮੇਟੀ ਦੀ ਇਲਾਜ ਸਬੰਧੀ ਬੇਨਤੀ ਨਕਾਰੀ
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ
ਕਿਸਾਨੀ ਮਸਲਿਆਂ ਨੂੰ ਘੋਖਣ ਲਈ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਜਸਟਿਸ ਨਾਇਬ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਅੱਜ ਬਾਅਦ ਦੁਪਹਿਰ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕੀਤੀ। ਕਮੇਟੀ ਨੇ ਡੱਲੇਵਾਲ ਨੂੰ ਇਲਾਜ ਕਰਵਾਉਣ ਜਾਂ ਫਿਰ ਹਲਕੀ ਮੈਡੀਕਲ ਡੋਜ਼ ਲੈਣ ਦੀ ਬੇਨਤੀ ਕੀਤੀ, ਜਿਸ ਨੂੰ ਕਿਸਾਨ ਆਗੂ ਨੇ ਨਕਾਰ ਦਿੱਤਾ।
ਡੱਲੇਵਾਲ ਨੇ ਕਮੇਟੀ ਨੂੰ ਇਹ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਕਿ ਸੁਪਰੀਮ ਕੋਰਟ, ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕਰੇ ਤਾਂ ਜੋ ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ। ਬਾਅਦ ਵਿੱਚ ਕਮੇਟੀ ਮੈਂਬਰਾਂ ਨੇ ਕਿਸਾਨ ਮੋਰਚੇ ’ਚ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤਿਆਰ ਕੀਤਾ ਗਿਆ ਲੰਗਰ ਵੀ ਛਕਿਆ।
ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਨਵਾਬ ਸਿੰਘ ਦੀ ਅਗਵਾਈ ਵਾਲੀ ਕਮੇਟੀ ਵਿੱਚ ਸਾਬਕਾ ਡੀਜੀਪੀ ਬੀਐੱਸ ਸੰਧੂ, ਅਰਥ ਸ਼ਾਸਤਰੀ ਆਰਐੱਸ ਘੁੰਮਣ, ਖੇਤੀ ਮਾਹਿਰ ਦਵਿੰਦਰ ਸ਼ਰਮਾ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਸੁਖਪਾਲ ਸਿੰਘ ਸ਼ਾਮਲ ਹਨ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਰਾਗ ਵਰਮਾ, ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ, ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਵੀ ਮੌਜੂਦ ਹਨ। ਇਸ ਮੀਟਿੰਗ ’ਚ ਹਾਜ਼ਰ ਰਹੇ ਸੇਵਾਮੁਕਤ ਡੀਆਈਜੀ ਨਰਿੰਦਰ ਭਾਰਗਵ ਦਾ ਕਹਿਣਾ ਸੀ ਕਿ ਇਹ ਹਾਂ ਪੱਖੀ ਕਦਮ ਹੈ ਅਤੇ ਆਸ ਹੈ ਕਿ ਅੱਜ ਗੁਰਪੁਰਬ ਮੌਕੇ ਹੋਈ ਇਹ ਸ਼ੁਰੁਆਤ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦਾ ਪੁਲ ਸਾਬਿਤ ਹੋਵੇਗੀ।