For the best experience, open
https://m.punjabitribuneonline.com
on your mobile browser.
Advertisement

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ; ਦੋਵਾਂ ਸੂਬਿਆਂ ਦੀ ਮਜ਼ਬੂਤ ਸਾਂਝ ’ਤੇ ਦਿੱਤਾ ਜ਼ੋਰ

04:09 PM Jun 17, 2025 IST
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ  ਦੋਵਾਂ ਸੂਬਿਆਂ ਦੀ ਮਜ਼ਬੂਤ ਸਾਂਝ ’ਤੇ ਦਿੱਤਾ ਜ਼ੋਰ
ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ, ਵਿਧਾਇਕ ਹਰਦੀਪ ਸਿੰਘ ਬਾਵਾ ਤੇ ਹੋਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ
Advertisement

‘ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ’; ਲੁਧਿਆਣਾ ਜ਼ਿਮਨੀ ਚੋਣ ’ਚ ਪ੍ਰਚਾਰ ਲਈ ਪੁੱਜੇ ਸਨ ਹਿਮਾਚਲੀ ਆਗੂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਜੂਨ
ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ। ਇਹ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕੀਤਾ ਹੈ, ਜੋ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ।
ਲੁਧਿਆਣਾ ਜ਼ਿਮਨੀ ਚੋਣ ਵਿੱਚ ਚੋਣ ਪ੍ਰਚਾਰ ਲਈ ਪੁੱਜੇ ਸ੍ਰੀ ਅਗਨੀਹੋਤਰੀ ਨੇ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਦੇ ਨਾਲ ਹਿਮਾਚਲ ਦੇ ਨਾਲਾਗੜ੍ਹ ਤੋਂ ਵਿਧਾਇਕ ਹਰਦੀਪ ਸਿੰਘ ਬਾਵਾ ਤੇ ਹੋਰ ਸਮਰਥਕ ਵੀ ਸਨ। ਉਪ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਨਮਾਨਿਤ ਵੀ ਕੀਤਾ ਗਿਆ।
ਮੀਡੀਆ ਨਾਲ ਗੱਲਬਾਤ ਦੌਰਾਨ ਹਿਮਾਚਲ ਦੇ ਉਪ ਮੁੱਖ ਮੰਤਰੀ ਨੇ ਆਖਿਆ ਕਿ ਉਹ ਅੱਜ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਸਤੇ ਆਏ ਸਨ, ਉਨ੍ਹਾਂ ਇੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਬੀਤੇ ਸਮੇਂ ਦੌਰਾਨ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵਿਵਾਦ ਦਾ ਮੁੱਦਾ ਬਣੇ ਮਾਮਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਨਿਜੀ ਮਾਮਲਾ ਹੋ ਸਕਦਾ। ਹਿਮਾਚਲ ਵਿੱਚ ਕਿਸੇ ਪੰਜਾਬੀ ਦਾ ਕੋਈ ਵਿਰੋਧ ਨਹੀਂ ਹੈ ਅਤੇ ਨਾ ਹੀ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ’ਤੇ ਲੱਗੇ ਝੰਡੇ ਉਤਾਰਨ ਦਾ ਕੋਈ ਆਦੇਸ਼ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਅਜਿਹੀ ਘਟਨਾ ਵਾਪਰਦੀ ਵੀ ਹੈ ਤਾਂ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਵਿੱਚ ਢੁੱਕਵੀਂ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਆਖਿਆ ਕਿ ਅੱਜ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਕੋਈ ਇੱਕ ਵਾਪਰੀ ਘਟਨਾ ਨੂੰ ਸੋਸ਼ਲ ਮੀਡੀਆ ’ਤੇ ਵਧਾ ਚੜ੍ਹਾ ਕੇ ਦਿਖਾਇਆ ਜਾਂਦਾ ਹੈ, ਜਿਸ ਨਾਲ ਮਾਮਲਾ ਹੱਲ ਹੋਣ ਦੀ ਥਾਂ ਵਿਗੜ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸੰਜਮ ਵਰਤਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਹਿਮਾਚਲ ਅਤੇ ਪੰਜਾਬ ਦੋਵੇਂ ਗੁਆਂਢੀ ਸੂਬੇ ਹਨ। ਪੰਜਾਬ ਦੇ ਪਹਾੜੀ ਇਲਾਕਿਆਂ ਨੂੰ ਮਿਲਾਉਣ ਨਾਲ ਹਿਮਾਚਲ ਵੱਡੇ ਆਕਾਰ ਦਾ ਬਣਿਆ ਹੈ। ਦੋਵਾਂ ਸੂਬਿਆਂ ਦਾ ਸੱਭਿਆਚਾਰ ਇੱਕ ਹੈ ਅਤੇ ਦੋਵਾਂ ਸੂਬਿਆਂ ਦੇ ਲੋਕਾਂ ਵਿਚਾਲੇ ਗੂੜ੍ਹੇ ਰਿਸ਼ਤੇ ਹਨ, ਜੋ ਕਦੇ ਵੀ ਵੱਖ ਨਹੀਂ ਹੋ ਸਕਦੇ। ਉਨ੍ਹਾਂ ਆਖਿਆ ਕਿ ਉਹ ਇਸ ਹੱਕ ਵਿੱਚ ਹਨ ਕਿ ਦੋਵਾਂ ਸੂਬਿਆਂ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਅਤੇ ਦੋਵਾਂ ਸੂਬਿਆਂ ਨੂੰ ਤਰੱਕੀ ਦੀ ਰਾਹ ’ਤੇ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂਂ ਕੋਈ ਸਿਆਸੀ ਗੱਲ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਉਹ ਲੁਧਿਆਣਾ ਤੋਂ ਚੋਣ ਪ੍ਰਚਾਰ ਵਿੱਚ ਹਿੱਸਾ ਲੈ ਕੇ ਪਰਤੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਉਹ ਕੋਈ ਵੀ ਸਿਆਸੀ ਗੱਲਬਾਤ ਨਹੀਂ ਕਰਨਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਬਾਅਦ ਵਿੱਚ ਸ੍ਰੀ ਅਗਨੀਹੋਤਰੀ ਦਾ ਸਨਮਾਨ ਵੀ ਕੀਤਾ।

Advertisement

Advertisement
Advertisement
Advertisement
Author Image

Balwinder Singh Sipray

View all posts

Advertisement