For the best experience, open
https://m.punjabitribuneonline.com
on your mobile browser.
Advertisement

ਖ਼ਾਲਸਾ ਸਾਜਨਾ ਦਿਵਸ ਦਾ ਇਤਿਹਾਸਕ ਮਹੱਤਵ

08:47 AM Apr 13, 2024 IST
ਖ਼ਾਲਸਾ ਸਾਜਨਾ ਦਿਵਸ ਦਾ ਇਤਿਹਾਸਕ ਮਹੱਤਵ
ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਖ਼ਾਲਸਾ ਵਿਰਾਸਤ’ ਦੀ ਝਲਕ।
Advertisement

ਹਰਜਿੰਦਰ ਸਿੰਘ ਧਾਮੀ

Advertisement

ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਦਿਨ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਉਘੜਵੇਂ ਰੂਪ ਵਿਚ ਦਰਜ ਹੈ। ਇਸ ਦਿਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਕ੍ਰਾਂਤੀਕਾਰੀ ਅਧਿਆਇ ਸਿਰਜਿਆ। ਇਸ ਸਾਲ ਸਿੱਖ ਖ਼ਾਲਸਾ ਸਾਜਨਾ ਦਾ 325ਵਾਂ ਦਿਹਾੜਾ ਜਾਹੋ-ਜਲਾਲ ਨਾਲ ਮਨਾ ਰਹੇ ਹਨ।
ਖ਼ਾਲਸਾ ਸਾਜਨਾ ਦਾ ਇਤਿਹਾਸ ਸਿੱਖ ਕੌਮ ਲਈ ਗੌਰਵਮਈ ਗਾਥਾ ਹੈ ਜਿਸ ਨਾਲ ਹਰ ਸਿੱਖ ਅੰਦਰ ਵਿਲੱਖਣ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਪੈਦਾ ਹੁੰਦਾ ਹੈ। ਖ਼ਾਲਸਾ ਆਦਰਸ਼ਕ ਮਨੁੱਖ ਹੈ ਜਿਸ ਦਾ ਜੀਵਨ ਸਮਾਜ ਲਈ ਪ੍ਰੇਰਨਾਮਈ ਹੋਣ ਦੇ ਨਾਲ-ਨਾਲ ਹੱਕ ਸੱਚ ਦੀ ਰਾਖੀ ਲਈ ਵੀ ਮਿਸਾਲੀ ਹੈ। ਖ਼ਾਲਸੇ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਸ਼ਾਮਲ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖ਼ਾਲਸਾ ਰੂਪੀ ਆਦਰਸ਼ਕ ਮਨੁੱਖ ਲਈ ਪਹਿਲੀ ਸ਼ਰਤ ਇਹ ਨਿਸ਼ਚਤ ਕੀਤੀ ਸੀ:
ਜਉ ਤਉ ਪ੍ਰੇਮ ਖੇਲਣ ਕਾ ਚਾਉ॥ ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗਿ ਪੈਰੁ ਧਰੀਜੈ॥ ਸਿਰੁ ਦੀਜੈ ਕਾਣਿ ਨ ਕੀਜੈ॥
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਹ ਬਚਨ ਧਰਮ ਖੇਤਰ ਅੰਦਰ ਪ੍ਰਵਾਨ ਚੜ੍ਹਨ ਵਾਲਿਆਂ ਲਈ ਆਦਰਸ਼ ਹਨ। ਇਸ ਵਿਚ ਆਪਾ ਨਿਛਾਵਰ ਕਰਨ ਦੀ ਜੁਗਤ ਅਤੇ ਪ੍ਰੇਰਨਾ ਦਰਜ ਹੈ। ਪਹਿਲੇ ਪਾਤਸ਼ਾਹ ਤੋਂ ਬਾਅਦ ਵਿਚ ਬਾਕੀ ਗੁਰੂ ਸਾਹਿਬਾਨ ਨੇ ਵੀ ਸਿੱਖਾਂ ਨੂੰ ਇਹੋ ਪਾਠ ਦ੍ਰਿੜ ਕਰਵਾਇਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਵਿਸਾਖੀ ਦੇ ਦਿਹਾੜੇ ’ਤੇ ਖ਼ਾਲਸੇ ਦੀ ਸਿਰਜਣਾ ਕਰ ਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਅਰਥ ਦਿੱਤੇ। ਦਸਵੇਂ ਪਾਤਸ਼ਾਹ ਜੀ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗ਼ੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਇਹ ਦਿਨ ਜਬਰ, ਜ਼ੁਲਮ, ਬੇਇਨਸਾਫੀ, ਵਿਤਕਰੇ, ਝੂਠ, ਪਾਖੰਡ, ਅਨਿਆਂ ਆਦਿ ਵਿਰੁੱਧ ਸੰਘਰਸ਼ ਦਾ ਬਿਗਲ ਬਣਿਆ। ਇਹ ਦਿਹਾੜਾ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ ਕਿਉਂਕਿ ਇਸ ਦਿਨ ਜਿਥੇ ਇੱਕ ਪਾਸੇ ਗੁਰੂ ਜੀ ਵੱਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋਏ, ਦੂਸਰੇ ਪਾਸੇ ਗੁਰੂ ਸਾਹਿਬ ਜੀ ਨੇ ਵੀ ਖ਼ਾਲਸੇ ਪਾਸੋਂ ਆਪ ਅੰਮ੍ਰਿਤਪਾਨ ਕਰ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੀ ਮਿਸਾਲ ਕਾਇਮ ਕੀਤੀ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ ਜਿਸ ਵਿਚ ਗੁਰੂ-ਚੇਲੇ ਵਿਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ (ਦੋ) ਇਸ ਦ੍ਰਿਸ਼ ਨੂੰ ਵਾਹ-ਵਾਹ ਕਹਿ ਕੇ ਵਡਿਆਉਂਦੇ ਹਨ:
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਜਿਆ ਖ਼ਾਲਸਾ ਹਰ ਕਿਸਮ ਦੀ ਸ਼ਖ਼ਸੀ ਗ਼ੁਲਾਮੀ ਤੋਂ ਆਜ਼ਾਦ ਹੋ ਕੇ ਅਕਾਲ ਪੁਰਖ ਨਾਲ ਸਿੱਧੇ ਰੂਪ ਵਿਚ ਸਬੰਧਿਤ ਹੈ:
ਖ਼ਾਲਸਾ ਅਕਾਲ ਪੁਰਖ ਕੀ ਫੌਜ।
ਪ੍ਰਗਟਿਓ ਖ਼ਾਲਸਾ ਪ੍ਰਮਾਤਮ ਕੀ ਮੌਜ।
ਖ਼ਾਲਸੇ ਦਾ ਅਰਥ ਸ਼ੁੱਧ, ਨਿਰਮਲ ਅਤੇ ਬਿਨਾਂ ਮਿਲਾਵਟ ਤੋਂ ਹੈ। ਖ਼ਾਲਸਾ ਝੂਠ, ਬੇਈਮਾਨੀ, ਵਲ਼-ਫ਼ਰੇਬ ਤੋਂ ਦੂਰ ਮਨੁੱਖਤਾ ਦਾ ਸੱਚਾ ਹਮਦਰਦ ਹੈ। ਇਹ ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਖ਼ਾਲਸਾ ਪੰਜ ਕਕਾਰੀ ਰਹਿਣੀ ਦਾ ਧਾਰਨੀ ਹੈ। ਸੱਚਾ ਤੇ ਧਰਮੀ ਜੀਵਨ ਜਿਊਣਾ ਖ਼ਾਲਸੇ ਦਾ ਨੇਮ ਹੈ। ਧਰਮ ਅਤੇ ਸਦਾਚਾਰ ਦੇ ਸੁਮੇਲ ਖ਼ਾਲਸੇ ਦੀ ਅਵਾਜ਼ ਹਮੇਸ਼ਾ ਹੀ ਹੱਕ ਤੇ ਸੱਚ ਲਈ ਉਠਦੀ ਹੈ। ਜਬਰ ਤੇ ਜ਼ੁਲਮ ਵਿਰੁੱਧ ਡਟਣਾ ਖ਼ਾਲਸੇ ਦਾ ਪਰਮ ਧਰਮ ਕਰਤੱਵ ਹੈ। ਉੱਚੀ-ਸੁੱਚੀ ਜੀਵਨ-ਜਾਚ ਇਸ ਦੀ ਲਖਾਇਕ ਹੈ। ਦਸਮੇਸ਼ ਪਿਤਾ ਜੀ ਨੇ ਖ਼ਾਲਸੇ ਦੀ ਸਿਰਜਣਾ ਕਰ ਕੇ ਸੰਸਾਰ ਨੂੰ ਸੰਤ-ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ-ਸਿਧਾਂਤ ਦਿੱਤਾ ਜਿਹੜਾ ਹੁਣ ਤਕ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਨਿੱਤ-ਨਵੀਆਂ ਸਿਖਰਾਂ ਛੋਹ ਰਿਹਾ ਹੈ।
ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ, ਸਿੱਖ ਰਹਿਤ ਦੀ ਪਰਪੱਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਹਿਰੇਦਾਰੀ ਖ਼ਾਲਸਈ ਜੀਵਨ ਦਾ ਅਹਿਮ ਵਿਧਾਨ ਹੈ। ਇਸੇ ਰੌਸ਼ਨੀ ਵਿਚ ਜੀਵਨ ਜਿਊਣਾ ਹਰ ਸਿੱਖ ਦਾ ਫ਼ਰਜ਼ ਹੈ। ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਮੈਂ ਸੰਗਤ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ! ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਣੀਏ ਕਿਉਂਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਆਪਣੀ ਪਛਾਣ ਨਾਲ ਅੱਗੇ ਨਹੀਂ ਵਧ ਸਕਦਾ। ਸੰਸਾਰ ਵਿਚ ਵਿਚਰਦਿਆਂ ਆਪਣੇ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਅਗਵਾਈ ਹੀ ਮਨੁੱਖ ਨੂੰ ਆਪਣੇ ਵਿਸ਼ੇਸ਼ ਹੋਣ ਦਾ ਮਾਣ ਦਿਵਾ ਸਕਦੀ ਹੈ।
ਸਿੱਖਾਂ ਦੇ ਇਤਿਹਾਸਕ, ਸਿਧਾਂਤਕ ਅਤੇ ਵਿਰਾਸਤੀ ਗੁਣਾਂ ਦੀ ਅਮੀਰੀ ਦਾ ਮਾਣ ਹਰ ਸਿੱਖ ਨੂੰ ਸਵੈਮਾਣ ਅਤੇ ਇੱਜ਼ਤ ਨਾਲ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਵੱਖ-ਵੱਖ ਸਮਿਆਂ ਵਿਚ ਆਈਆਂ ਮੁਸੀਬਤਾਂ ਸਮੇਂ ਸਿੱਖਾਂ ਨੇ ਪੀੜਤ ਮਾਨਵਤਾ ਨਾਲ ਖੜ੍ਹ ਕੇ ਇਹ ਸਿੱਧ ਕੀਤਾ ਹੈ ਕਿ ਮਨੁੱਖੀ ਬਰਾਬਰੀ ਅਤੇ ਇਕਸਾਰਤਾ ਦਾ ਜੋ ਪਾਠ ਖ਼ਾਲਸੇ ਨੂੰ ਗੁਰੂ ਸਾਹਿਬ ਨੇ ਪੜ੍ਹਾਇਆ, ਉਹ ਸੰਸਾਰ ਦੇ ਧਰਮ ਇਤਿਹਾਸ ਵਿਚ ਮੋਹਰੀ ਹੈ, ਵਿਲੱਖਣ ਹੈ। ਅੱਜ ਸਿੱਖ ਨੌਜੁਆਨੀ ਨੂੰ ਆਪਣੇ ਇਸ ਖ਼ਾਲਸਈ ਵਿਰਸੇ ਪ੍ਰਤੀ ਜਾਗਰੂਕ ਅਤੇ ਸੁਚੇਤ ਕਰਦੇ ਰਹਿਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਬਣ ਜਾਂਦਾ ਹੈ ਕਿਉਂਕਿ ਤਕਨੀਕ ਅਤੇ ਸੰਚਾਰ ਸਾਧਨਾਂ ਦੀ ਤੇਜ਼ੀ ਮਨੁੱਖ ਨੂੰ ਨੈਤਿਕਤਾ ਨਾਲੋਂ ਤੋੜਨ ਵਾਲੇ ਪਾਸੇ ਲਿਜਾ ਰਹੀ ਹੈ। ਸਿੱਖੀ ਦੇ ਵਿਲੱਖਣ ਸਿਧਾਂਤ ਅਤੇ ਮਾਨਵ ਹਿੱਤਕਾਰੀ ਫਲਸਫਾ ਅਜੋਕੀਆਂ ਮਨੁੱਖੀ ਚਿੰਤਾਵਾਂ ਦੇ ਖ਼ਾਤਮੇ ਦਾ ਸਫਲ ਮਾਰਗ ਦਰਸ਼ਕ ਹਨ। ਲੋੜ ਇਸ ਗੱਲ ਹੈ ਕਿ ਅਸੀਂ ਖ਼ਾਲਸਈ ਵਿਚਾਰਧਾਰਾ ਨੂੰ ਅੱਗੇ ਵਧਾਈਏ।
ਅੱਜ ਜਦੋਂ ਸਿੱਖ ਖ਼ਾਲਸਾ ਸਾਜਨਾ ਦਾ 325ਵਾਂ ਦਿਹਾੜਾ ਮਨਾ ਰਿਹਾ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਹਰ ਸਿੱਖ ਨੂੰ ਆਪਣੇ ਘਰਾਂ ’ਤੇ ਖ਼ਾਲਸਈ ਨਿਸ਼ਾਨ ਝੁਲਾਉਣ ਦਾ ਆਦੇਸ਼ ਕੌਮੀ ਇਕਜੁਟਤਾ ਅਤੇ ਚੜ੍ਹਦੀ ਕਲਾ ਦੇ ਪ੍ਰਭਾਵ ਨੂੰ ਸਿਰਜਣ ਵਾਲਾ ਹੈ। ਇਸ ਨਾਲ ਪੂਰੀ ਦੁਨੀਆ ਵਿਚ ਸਿੱਖਾਂ ਦਾ ਜਾਹੋ-ਜਲਾਲ ਉਭਰੇਗਾ ਅਤੇ ਖ਼ਾਲਸਾ ਸਾਜਨਾ ਦਾ 325ਵਾਂ ਦਿਹਾੜਾ ਯਾਦਗਾਰੀ ਹੋ ਨਿਬੜੇਗਾ। ਇਸ ਸਬੰਧ ਵਿਚ ਹਰ ਸਿੱਖ ਦਾ ਫ਼ਰਜ਼ ਬਣਦਾ ਹੈ ਕਿ ਉਹ ਸਿੱਖਾਂ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਨੂੰ ਸਿਰ ਮੱਥੇ ਮੰਨਦਿਆਂ ਖ਼ਾਲਸਈ ਜਾਹੋ-ਜਲਾਲ ਵਿਚ ਸ਼ਾਮਲ ਹੋਵੇ ਅਤੇ ਖ਼ਾਲਸਈ ਨਿਸ਼ਾਨ ਆਪਣੇ ਘਰ ’ਤੇ ਝੁਲਾ ਕੇ ਸਮਰਪਣ ਦੀ ਭਾਵਨਾ ਦਾ ਪ੍ਰਗਟਾਵਾ ਕਰੇ।
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

Advertisement

Advertisement
Author Image

joginder kumar

View all posts

Advertisement