ਗ੍ਰਹਿ ਮੰਤਰਾਲੇ ਵੱਲੋਂ ਈਡੀ ਨੂੰ ਕੇਜਰੀਵਾਲ ਅਤੇ ਸਿਸੋਦੀਆ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜਨਵਰੀ
ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਤਹਿਤ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਕਾਰਵਾਈ ਵਿਵਾਦਤ ਸ਼ਰਾਬ ਘਪਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਈਡੀ ਦੇ ਕੇਸ ਨੂੰ ਦਿੱਲੀ ਦੀ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਆਰਜ਼ੀ ਤੌਰ ’ਤੇ ਰੋਕ ਦਿੱਤਾ ਸੀ, ਜਿਸ ਨੇ ਕੇਜਰੀਵਾਲ ਵਿਰੁੱਧ ਦੋਸ਼ ਤੈਅ ਕਰਨ ’ਤੇ ਰੋਕ ਲਗਾ ਦਿੱਤੀ ਸੀ। ਇਹ ਫ਼ੈਸਲਾ ਕੇਜਰੀਵਾਲ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਤੋਂ ਬਾਅਦ ਹੋਇਆ, ਜਿੱਥੇ ਕੇਜਰੀਵਾਲ ਨੇ ਦਲੀਲ ਦਿੱਤੀ ਕਿ ਹੇਠਲੀ ਅਦਾਲਤ ਨੇ ਪੀਐੱਮਐੱਲਏ ਤਹਿਤ ਮੁਕੱਦਮਾ ਚਲਾਉਣ ਲਈ ਲੋੜੀਂਦੀ ਵਿਸ਼ੇਸ਼ ਮਨਜ਼ੂਰੀ ਪ੍ਰਾਪਤ ਕੀਤੇ ਬਿਨਾਂ ਕੰਮ ਕੀਤਾ ਸੀ। ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਮਗਰੋਂ ਈਡੀ ਹੁਣ ਕੇਜਰੀਵਾਲ ਖ਼ਿਲਾਫ਼ ਆਪਣੇ ਕੇਸ ਨੂੰ ਅੱਗੇ ਵਧਾ ਸਕਦੀ ਹੈ। ਗ੍ਰਹਿ ਮੰਤਰਾਲੇ ਨੇ ਈਡੀ ਨੂੰ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਲਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਵੀ ਦਿੱਤੀ ਹੈ। ਇਹ ਫ਼ੈਸਲਾ ਉਦੋਂ ਆਇਆ ਹੈ ਜਦੋਂ ਦੋਵੇਂ ਨੇਤਾ ਇਸ ਮਾਮਲੇ ’ਚ ਜ਼ਮਾਨਤ ’ਤੇ ਬਾਹਰ ਹਨ। ਸੁਪਰੀਮ ਕੋਰਟ ਨੇ ਪਿਛਲੇ ਸਾਲ ਸਤੰਬਰ ਵਿੱਚ ਅਰਵਿੰਦ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ ਤੇ ਮਨੀਸ਼ ਸਿਸੋਦੀਆ ਨੂੰ ਇੱਕ ਮਹੀਨਾ ਪਹਿਲਾਂ ਅਗਸਤ ਵਿੱਚ ਜ਼ਮਾਨਤ ਦਿੱਤੀ ਗਈ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੇਜਰੀਵਾਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ।