ਮੀਹਾਂ ਨਾਲ ਹੋਈ ਤਬਾਹੀ ਲਈ ਮਾਨ ਸਰਕਾਰ ਜ਼ਿੰਮੇਵਾਰ: ਚੰਦੂਮਾਜਰਾ
ਦਰਸ਼ਨ ਸਿੰਘ ਮਿੱਠਾ
ਘਨੌਰ, 11 ਜੁਲਾਈ
ਸ਼੍ਰੋਮਣੀ ਅਕਾਲੀ ਤੋਂ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਵਿੱਚ ਬਣੀ ਹੜ੍ਹਾਂ ਵਰਗੀ ਸਥਿਤੀ ਨਾਲ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਪਾਣੀ ਦੀ ਨਿਕਾਸੀ ਦੇ ਸਾਰਥਕ ਪ੍ਰਬੰਧਨ ਨਾ ਕਰਨ ਦਾ ਸੰਤਾਪ ਪੰਜਾਬ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਹੋ ਰਹੀ ਲਗਾਤਾਰ ਗ਼ੈਰ-ਕਾਨੂੰਨੀ ਖਣਨ ਨੇ ਨਦੀਆਂ, ਨਾਲਿਆਂ ਅਤੇ ਦਰਿਆਵਾਂ ਨੂੰ ਖੂਹਾਂ ਵਾਂਗ ਡੂੰਘੇ ਕਰ ਦਿੱਤਾ ਅਤੇ ਕੰਢਿਆਂ ਨੂੰ ਵੀ ਕਮਜ਼ੋਰ ਕੀਤਾ ਹੈ। ਪਾਣੀ ਦੀ ਮਚਾਈ ਤਬਾਹੀ ਨੇ ਝੋਨਾ, ਮੱਕੀ ਅਤੇ ਪੱਕੀ ਹੋਈ ਮੂੰਗੀ ਦੀ ਫ਼ਸਲ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਇਸ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਭਾਗੀ ਟੀਮਾਂ ਦੀ ਜ਼ਿੰਮੇਵਾਰੀ ਲਗਾ ਕੇ ਗਿਰਦਾਵਰੀਆਂ ਕਰਵਾਈਆਂ ਜਾਣ ਤਾਂ ਜੋ ਕਿਸਾਨਾਂ ਨੂੰ ਬਣਦੀ ਮੁਆਵਜ਼ੇ ਦੀ ਰਕਮ ਤੁਰੰਤ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਅਬਰਿੰਦਰ ਸਿੰਘ ਕੰਗ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਜਸਬੀਰ ਸਿੰਘ ਜੱਸੀ, ਬਲਕਾਰ ਸਿੰਘ, ਕਰਨਵੀਰ, ਗੁਰਪ੍ਰਤਾਪ ਸਿੰਘ, ਕਰਮਜੀਤ ਸਿੰਘ ਅਤੇ ਮੰਗਲ ਸਿੰਘ ਆਦਿ ਹਾਜ਼ਰ ਸਨ।