ਹਰਿਆਣਾ ਦੇ ਰਾਜਪਾਲ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਪੱਤਰ ਪ੍ਰੇਰਕ
ਪੰਚਕੂਲਾ, 14 ਨਵੰਬਰ
ਬਾਲ ਦਿਵਸ ਦੇ ਮੌਕੇ ’ਤੇ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਅੱਜ ਹਰਿਆਣਾ ਰਾਜ ਭਵਨ ਵਿੱਚ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜਪਾਲ ਨੇ ਪੰਡਿਤ ਜਵਾਹਰਲਾਲ ਨਹਿਰੂ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਪਾ ਕੇ ਸਾਰਿਆਂ ਨੂੰ ਭਾਵੁਕ ਕਰ ਦਿੱਤਾ। ਹਾਜ਼ਰ ਬੱਚਿਆਂ ਅਤੇ ਅਧਿਆਪਕਾਂ ਨੇ ਪੰਡਿਤ ਜਵਾਹਰਲਾਲ ਨਹਿਰੂ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਜਪਾਲ ਨੇ ਬੱਚਿਆਂ ਨੂੰ ਪੰਡਿਤ ਜਵਾਹਰਲਾਲ ਨਹਿਰੂ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਜਵਾਹਰਲਾਲ ਨਹਿਰੂ ਨੇ ਵਿਗਿਆਨ ਅਤੇ ਤਕਨਾਲੋਜੀ ਨੂੰ ਉਤਸ਼ਾਹਿਤ ਕਰ ਕੇ ਭਾਰਤ ਨੂੰ ਇੱਕ ਸ਼ਕਤੀਸ਼ਾਲੀ ਦੇਸ਼ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਪੰਡਿਤ ਜਵਾਹਰਲਾਲ ਨਹਿਰੂ ਵਰਗੇ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦੇ ਭਵਿੱਖ ਦੇ ਆਗੂ ਹਨ ਅਤੇ ਦੇਸ਼ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤਪਾਲ ਕੌਸ਼ਿਕ ਵੀ ਹਾਜ਼ਰ ਸਨ।