ਸੀਯੂ ਵਿੱਚ 337 ਅਧਿਆਪਕਾਂ ਦਾ ਸਨਮਾਨ
ਸ਼ਸ਼ੀ ਪਾਲ ਜੈਨ
ਖਰੜ, 16 ਨਵੰਬਰ
ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਐੱਫਏਪੀ ਨੈਸ਼ਨਲ ਅਵਾਰਡ-2024 ਦੇ ਚੌਥੇ ਐਡੀਸ਼ਨ ਦੇ ਪਹਿਲੇ ਦਿਨ ਪ੍ਰਾਈਵੇਟ ਸਕੂਲਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੇ ਪਹਿਲੇ ਦਿਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਐੱਫਏਪੀ) ਵੱਲੋਂ ਅਧਿਆਪਕਾਂ ਦਾ ਸਨਮਾਨ ਕਰਦਿਆਂ 337 ਐਵਾਰਡ ਦਿੱਤੇ ਗਏ।
ਸਮਾਗਮ ਦੀ ਅਗਵਾਈ ਸੰਸਦ ਮੈਂਬਰ ਤੇ ਸੀਯੂ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸੀਯੂ ਦੇ ਵਾਈਸ ਚਾਂਸਲਰ ਡਾ. ਮਨਪ੍ਰੀਤ ਸਿੰਘ ਮੰਨਾ ਅਤੇ ਐੱਫਏਪੀ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵੀ ਮੌਜੂਦ ਰਹੇ। ਸਮਾਗਮ ’ਚ ਵਿਸ਼ੇਸ਼ ਮਹਿਮਾਨ ਵਜੋਂ ਅਦਾਕਾਰ ਤੇ ਗਾਇਕ ਗੁਰਨਾਮ ਭੁੱਲਰ ਸ਼ਾਮਲ ਹੋਏ।
ਇਸ ਮੌਕੇ ਸਤਨਾਮ ਸਿੰਘ ਸੰਧੂ ਨੇ ਦੇਸ਼ ਦਾ ਭਵਿੱਖ ਸੰਵਾਰਨ ’ਚ ਅਧਿਆਪਕਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਮੁਲਕ ’ਚ 22 ਫ਼ੀਸਦੀ ਪ੍ਰਾਈਵੇਟ ਸਕੂਲ ਹਨ ਅਤੇ 8.24 ਕਰੋੜ ਵਿਦਿਆਰਥੀ ਇਨ੍ਹਾਂ ਵਿੱਚੋਂ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਅਹਿਮ ਭੂਮਿਕਾ ਲਈ ਬਣਦਾ ਸਤਿਕਾਰ ਨਹੀਂ ਦਿੱਤਾ ਗਿਆ।