ਪ੍ਰਕਾਸ਼ ਦਿਹਾੜੇ ਮੌਕੇ ਵਾਤਾਵਰਨ ਪ੍ਰੇਮੀਆਂ ਤੇ ਅਧਿਕਾਰੀਆਂ ਦਾ ਸਨਮਾਨ
ਮੰਡੀ ਅਹਿਮਦਗੜ੍ਹ (ਪੱਤਰ ਪ੍ਰੇਰਕ): ਇੱਥੇ ਅੱਜ ਗੁਰਪੁਰਬ ਮਨਾਉਣ ਵਾਲੇ ਪ੍ਰਬੰਧਕਾਂ ਨੇ ਜਿੱਥੇ ਸੰਗਤ ਨੂੰ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੀ ਅਪੀਲ ਕੀਤੀ, ਉੱਥੇ ਹੀ ਵਾਤਾਵਰਨ ਪ੍ਰੇਮੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕੀਤੀਆਂ ਗਈਆਂ ਸ਼ਖਸੀਅਤਾਂ ਵਿੱਚ ਉਹ ਪ੍ਰਸ਼ਾਸਨਿਕ ਅਧਿਕਾਰੀ ਅਤੇ ਵਾਲੰਟੀਅਰ ਸ਼ਾਮਲ ਸਨ, ਜਿਨ੍ਹਾਂ ਨੇ ਬੀਤੇ ਸਮੇਂ ਦੌਰਾਨ ਕਿਸਾਨਾਂ ਨੂੰ ਪਰਾਲੀ ਅਤੇ ਖੇਤੀਬਾੜੀ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਪ੍ਰੇਰਿਤ ਕੀਤਾ। ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਕਮਲਜੀਤ ਸਿੰਘ ਊਭੀ ਨੇ ਦੱਸਿਆ ਕਿ ਸਥਾਨਕ ਸ਼ਹਿਰ ਅਤੇ ਲਾਗਲੇ ਪਿੰਡਾਂ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਗੁਰੂਘਰਾਂ ਵਿੱਚ ਮਨਾਏ ਗਏ ਸਮਾਗਮਾਂ ਦੌਰਾਨ ਅਪੀਲਾਂ ਕੀਤੀਆਂ ਗਈ ਕਿ ਹਰੇਕ ਵਰਗ ਅਤੇ ਧਰਮ ਦੇ ਲੋਕ ਗੁਰਬਾਨੀ ਦੀ ਸਿੱਖਿਆ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣ। ਉਨ੍ਹਾਂ ਅੱਗੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਅਹਿਮਦਗੜ੍ਹ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਰਾਜੜ ਅਤੇ ਡਾ. ਰੁਪਿੰਦਰ ਸਿੰਘ ਬ੍ਰਹਮਪੁਰ ਦੀ ਰਹਿਨੁਮਾਈ ਹੇਠ ਡੀਸੀ ਮਾਲੇਰਕੋਟਲਾ ਡਾ. ਪੱਲਵੀ, ਐੱਸਡੀਐੱਮ ਹਰਬੰਸ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਮਨਮੋਹਨ ਕੌਸ਼ਿਕ ਦੀ ਰਹਿਨੁਮਾਈ ਹੇਠ ਕੰਮ ਕਰਦੇ ਉਨ੍ਹਾਂ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ ਹੈ ਜਿਨ੍ਹਾਂ ਨੇ ਇਸ ਖੇਤਰ ਨੂੰ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ।