ਪਿੰਡਾਂ ਨੂੰ ਨਸ਼ਾ ਮੁਕਤ ਕਰਨ ਵਾਲੇ ਸਰਪੰਚਾਂ ਦਾ ਸਨਮਾਨ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਨਵੰਬਰ
ਜ਼ਿਲ੍ਹੇ ਦੇ ਪਿੰਡ ਮਾਂਗਣਾ ਨੂੰ ਨਸ਼ਾ ਮੁਕਤ ਐਲਾਨਣ ਲਈ ਕਰਵਾਏ ਗਏ ਸਮਾਗਮ ਵਿੱਚ ਨਸ਼ਾ ਮੁਕਤ ਪਿੰਡਾਂ ਦੇ ਸਰਪੰਚਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੇ ਨਸ਼ਿਆਂ ਨੂੰ ਪੂਰੀ ਤਰ੍ਹਾਂ ਅਲਵਿਦਾ ਕਹਿ ਕੇ ਪਿੰਡ ਵਿੱਚ ਕਿਸੇ ਵੀ ਕਿਸਮ ਦਾ ਨਸ਼ਾ ਨਾ ਕਰਨ ਤੇ ਵੇਚਣ ਦੀ ਸਹੁੰ ਚੁੱਕੀ। ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਦੀ ਅਗਵਾਈ ਹੇਠ ਗੁਮਥਲਾ ਗੜੂ ਚੌਕੀ ਇੰਚਾਰਜ ਰਾਜ ਕੁਮਾਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਇਹ ਸਭਿਆਚਾਰ ਰਿਹਾ ਹੈ ਕਿ ਅਸੀਂ ਆਪਣੇ ਮਾਂ ਪਿਉ ਦੀਆਂ ਅੱਖਾਂ ਵਿਚ ਹੰਝੂ ਨਹੀਂ ਦੇਖ ਸਕਦੇ। ਇਸ ਲਈ ਸਾਨੂੰ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਜ਼ਿੰਦਗੀ ਵਿੱਚ ਕੁਝ ਵੀ ਅਜਿਹਾ ਨਾ ਕਰਨਾ ਚਾਹੀਦਾ, ਜਿਸ ਨਾਲ ਉਨ੍ਹਾਂ ਦਾ ਦਿਲ ਦੁਖੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਨੇ ਖੇਲੋ ਕੁਰੂਕਸ਼ੇਤਰ ਇੰਡੀਆ ਦੇ ਤਹਿਤ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਨਸ਼ਾ ਵੇਚਣ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਅਪਰਾਧੀਆਂ ਦੀ ਜਾਇਦਾਦ ਜ਼ਬਤ ਕਰਨ ਦਾ ਪ੍ਰਬੰਧ ਵੀ ਹੈ। ਉਨ੍ਹਾਂ ਇਸ ਸਬੰਧੀ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪਿੰਡ ਦੇ ਸਰਪੰਚ, ਨੰਬਰਦਾਰ, ਚੌਕੀਦਾਰ ਜਾਂ ਪੁਲੀਸ ਨੂੰ ਦਿੱਤੀ ਜਾਏ । ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।