ਸੂਬਾ ਪੱਧਰੀ ਕਿਸ਼ਤੀ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ
ਪੱਤਰ ਪ੍ਰੇਰਕ
ਜਲੰਧਰ, 31 ਮਾਰਚ
ਸੂਬਾ ਪੱਧਰੀ ਮੁਕਾਬਲਿਆਂ ਵਿੱਚੋਂ ਜੇਤੂ ਰਹੇ ਖਿਡਾਰੀਆਂ ਨੂੰ ਅੱਜ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਸੰਤ ਸੀਚੇਵਾਲ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਉਪਰੰਤ ਵਧਾਈ ਦਿੰਦਿਆਂ ਕਿਹਾ ਕਿ ਇਸ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ ਕਿ ਛੋਟੀ ਉਮਰ ਵਿੱਚ ਹੀ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਵਿੱਤਰ ਕਾਲੀ ਵੇਂਈ ’ਚ ਸਾਲ 2014 ਤੋਂ ਕਿਸ਼ਤੀਆਂ ਦੀ ਦੌੜਾਂ ਕਰਵਾਈਆਂ ਜਾ ਰਹੀਆਂ ਹਨ। ਇੱਥੇ ਬਕਾਇਦਾ ‘ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ’ ਦੀ ਸਥਾਪਨਾ ਕੀਤੀ ਗਈ ਹੈ। ਇਸ ਵਿੱਚ ਖਿਡਾਰੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਸੈਂਟਰ ਵੱਲੋਂ 60 ਦੇ ਕਰੀਬ ਖਿਡਾਰੀਆਂ ਨੇ ਇਨ੍ਹਾਂ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਸੀ ਤੇ ਸੋਨੇ, ਚਾਂਦੀ ਤੇ ਕਾਂਸੇ ਦੇ ਤਮਗੇ ਜਿੱਤੇ ਸਨ। ਜ਼ਿਕਰਯੋਗ ਹੈ ਕਿ ਇਸ ਸੈਂਟਰ ਵਿੱਚ ਪੰਜਾਬ ਦੇ 6 ਜ਼ਿਲ੍ਹਿਆਂ ਦੇ ਖਿਡਾਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਪਠਾਨਕੋਟ ਸ਼ਾਮਲ ਹਨ।
ਇਹ ਮੁਕਾਬਲੇ ਰੋਪੜ ਜ਼ਿਲ੍ਹੇ ਦੇ ਪਿੰਡ ਕਟਲੀ (ਰੋਪੜ ਹੈੱਡ-ਸਤਲੁਜ ਦਰਿਆ) ਵਿੱਚ ਕਰਵਾਏ ਗਏ। ਇਹ ਮੁਕਾਬਲੇ ਐਮਚਿਊਰ ਪੰਜਾਬ ਕੈਕਿੰਗ ਕੋਨਇੰਗ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੀ। ਇਨ੍ਹਾਂ ਮੁਕਾਬਲਿਆਂ ਵਿੱਚ 12 ਜ਼ਿਲ੍ਹਿਆਂ ਤੋਂ 500 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। ਕੋਚ ਅਮਨਦੀਪ ਖਹਿਰਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਸਖਤ ਮਿਹਨਤ ਜਾਰੀ ਰੱਖਣ ਤੇ ਆਪਣੇ ਭਵਿੱਖ ਦੇ ਟੀਚੇ ਹੁਣ ਤੋਂ ਹੀ ਤੈਅ ਕਰਨ। ਉਨ੍ਹਾਂ ਦੱਸਿਆ ਪਿਛਲੇ 10 ਸਾਲ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਸਫਲਤਾਪੂਰਵਕ ਚੱਲ ਰਿਹਾ ਹੈ।